ਆਤਿਸ਼ ਗੁਪਤਾ
ਚੰਡੀਗੜ੍ਹ, 16 ਮਈ
ਪੰਜਾਬ ਵਿੱਚ ਅੱਜ ‘ਆਪ’ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਨਬਿੇੜੇ ਲਈ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਗਾਜ਼ ਕੀਤਾ। ਇਸ ਮੌਕੇ ਪੰਜਾਬ ਭਰ ਤੋਂ ਸੈਂਕੜੇ ਲੋਕਾਂ ਵਿੱਚੋਂ ਸਿਰਫ਼ 61 ਵਿਅਕਤੀ ਹੀ ਆਪਣੀਆਂ ਸ਼ਿਕਾਇਤਾਂ ਮੁੱਖ ਮੰਤਰੀ ਅੱਗੇ ਰੱਖ ਸਕੇ। ਮੁੱਖ ਮੰਤਰੀ ਨੇ ਤੁਰੰਤ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਬਿੇੜਾ ਕਰਨ ਦੇ ਆਦੇਸ਼ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਬਿੇੜਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ ’ਤੇ ਇਨ੍ਹਾਂ ਸ਼ਿਕਾਇਤਾਂ ਦੀ ਨਿਗਰਾਨੀ ਕਰਨਗੇ, ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਭੱਲਮਾਜਰਾ ਦੀ ਪੰਚਾਇਤ ਨੇ ਨਸ਼ਿਆਂ ਦੇ ਕਾਰੋਬਾਰ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾ ਕੇ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਐਜੂਕੇਸ਼ਨ ਪ੍ਰੋਵਾਈਡਰ ਟੀਚਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ, ਗਮਾਡਾ ਤੋਂ ਮੇਹਰ ਸਿੰਘ, ਕਰ ਅਤੇ ਆਬਕਾਰੀ ਵਿਭਾਗ ਦੇ ਨਰਿੰਦਰ ਸਿੰਘ, ਪਰਵਿੰਦਰ ਸਿੰਘ ਸਣੇ ਹੋਰਨਾਂ ਵਿਭਾਗਾਂ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਕੀਤੀ। ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਆਲਮਜੀਤ ਸਿੰਘ ਨੇ ਨੰਬਰਦਾਰਾਂ ਦੇ ਭੱਤੇ ਵਧਾਉਣ ਦੀ ਮੰਗ ਕੀਤੀ। ਸੂਬੇ ਭਰ ਤੋਂ ਸੈਂਕੜੇ ਲੋਕਾਂ ਨੇ ਪਿੰਡਾਂ ਵਿੱਚ ਸਾਂਝੀਆਂ ਜ਼ਮੀਨਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਵਰਗੇ ਮਸਲਿਆਂ ਨੂੰ ਸੁਲਝਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਧੋਖਾਧੜੀ ਦੇ ਮਾਮਲਿਆਂ ਵਿੱਚ ਪੁਲੀਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਦੁਖੀ ਕਈ ਵਿਅਕਤੀ ਮੁੱਖ ਮੰਤਰੀ ਦੇ ਜਨਤਾ ਦਰਬਾਰ ਵਿੱਚ ਪਹੁੰਚੇ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੂੰ ਯੋਗ ਲਾਭਪਾਤਰੀਆਂ ਨੂੰ ‘ਸ਼ਗਨ ਸਕੀਮ’ ਦੇ ਬਕਾਏ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ। ਇਕ ਹੋਰ ਸ਼ਿਕਾਇਤ ’ਤੇ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਨੂੰ ਹਰੇਕ ਲਾਭਪਾਤਰੀ ਨੂੰ ਬਿਨਾਂ ਕਿਸੇ ਪੱਖਪਾਤ ਦੇ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇ।
ਤਰਸ ਦੇ ਆਧਾਰ ’ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਨੌਜਵਾਨਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਅਤੇ 7 ਜਣਿਆਂ ਨੂੰ ਪੁਲੀਸ ਵਿਭਾਗ ਨੌਕਰੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ, ਜਿਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ।
ਖੱਜਲ-ਖੁਆਰੀ ਤੋਂ ਅੱਕੇ ਲੋਕਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ
‘ਲੋਕ ਮਿਲਣੀ’ ਸਮਾਗਮ ਦੌਰਾਨ ਸੂਬੇ ਭਰ ਤੋਂ ਪੁੱਜੇ ਸੈਂਕੜੇ ਲੋਕਾਂ ਨੂੰ ਅਤਿ ਦੀ ਗਰਮੀ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਖੱਜਲ-ਖੁਆਰ ਹੋਣਾ ਪਿਆ। ਲੋਕਾਂ ਨੇ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਵਾਰੀ ਦੀ ਉਡੀਕ ਕੀਤੀ। ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋਣ ਕਰ ਕੇ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉੱਥੇ ਹੀ ਪੰਜਾਬ ਵਿੱਚੋਂ ਆਊਟਸੋਰਸ ਅਤੇ ਕੱਚੇ ਮੁਲਾਜ਼ਮ ਵੀ ਆਪਣੀਆਂ ਮੰਗਾਂ ਲੈ ਕੇ ਪਹੁੰਚੇ, ਜਿਨ੍ਹਾਂ ਨੂੰ ਪੁਲੀਸ ਨੇ ਬੈਰੀਕੇਡ ਲਗਾ ਕੇ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਸੂਚੀ ਵਿਚਲੇ ਨਾਵਾਂ ਵਾਲਿਆਂ ਨੂੰ ਹੀ ਮੁੱਖ ਮੰਤਰੀ ਕੋਲ ਜਾਣ ਦੀ ਪ੍ਰਵਾਨਗੀ ਦਿੱਤੀ ਗਈ। ਅਖੀਰ ਲੋਕ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੇ ਬਿਨਾਂ ਆਪਣੀ ਅਰਜ਼ੀ ਦੇ ਕੇ ਮੁੜ ਗਏ। ਪੰਜਾਬ ਭਵਨ ਦੇ ਬਾਹਰ ਇਕੱਠੇ ਹੋਏ ਲੋਕਾਂ ਲਈ ਪਾਣੀ ਦਾ ਕੋਈ ਪ੍ਰਬੰਧ ਨਹੀਂ ਸੀ। ਪੰਜਾਬ ਭਵਨ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਮੀਡੀਆ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਗਈ, ਜਿਸ ਕਰ ਕੇ ਮੀਡੀਆ ਕਰਮੀ ਬਾਹਰ ਹੀ ਖੜ੍ਹੇ ਰਹੇ।
ਨਵਜੋਤ ਸਿੰਘ ਸਿੱਧੂ ਨੇ ਜਨਤਾ ਦਰਬਾਰ ’ਤੇ ਸੁਆਲ ਚੁੱਕੇ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਤਾ ਦਰਬਾਰ ’ਤੇ ਸੁਆਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜਨਤਾ ਦਰਬਾਰ ਉਦੋਂ ਹੀ ਕਾਮਯਾਬ ਹੋ ਸਕਦੇ ਹਨ ਕਿ ਜੇ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਧਾਇਕਾਂ ਤੋਂ ਇਲਾਵਾ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇ। ਲੋਕ ਰਾਜ ਦਾ ਅਸਲ ਤੱਤ ਹੀ ਤਾਕਤਾਂ ਦਾ ਵਿਕੇਂਦਰੀਕਰਨ ਹੈ। ਉਨ੍ਹਾਂ ਕਿਹਾ ਕਿ ਇੱਕ ਹੀ ਵਿਅਕਤੀ 3 ਕਰੋੜ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕਦਾ ਪਰ ਇੱਕ ਸਮੂਹਿਕ ਵਿਕੇਂਦਰੀਕਰਨ ਜ਼ਰੀਏ ਅਜਿਹਾ ਸੰਭਵ ਹੋ ਸਕਦਾ ਹੈ। ਉਨ੍ਹਾਂ ਸੁਆਲ ਖੜ੍ਹੇ ਕੀਤੇ ਕਿ ਲੋਕ ਆਪਣੇ ਮਸਲਿਆਂ ਨੂੰ ਇੱਕ ਵਿਅਕਤੀ ਤੋਂ ਹੱਲ ਕਰਾਉਣ ਲਈ ਘੰਟਿਆਂ ਦਾ ਸਫ਼ਰ ਕਿਉਂ ਕਰਨ।