ਚੰਡੀਗੜ੍ਹ, 25 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਇਹ ਮੰਗ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ ਜੋ ਹੁਣ ਪੂਰੀ ਹੋ ਗਈ ਹੈ। ਮਾਨ ਨੇ ਪੰਜਾਬੀ ਵਿੱਚ ਟਵੀਟ ਕਰਦਿਆਂ ਆਖਿਆ ਕਿ ਆਖਰਕਾਰ ਸਾਡੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਪਹਿਲਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤ ਹੋ ਗਈਆਂ ਸਨ। ਇਹ ਫੈਸਲਾ ਪਿਛਲੇ ਮਹੀਨੇ ਭਗਵੰਤ ਮਾਨ ਅਤੇ ਦੁਸ਼ਯੰਤ ਚੌਟਾਲਾ ਦਰਮਿਆਨ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ।