ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਰਾਹ ’ਤੇ ਰੁਕਿਆ ਤੇ ਗੁਰੂ ਰਵਿਦਾਸ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਪੀਤੀ ਅਤੇ ਨੌਜਵਾਨਾਂ ਵੱਲੋਂ ਵੱਖ-ਵੱਖ ਮੁੱਦਿਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਹੁਣ ਤੱਕ ਪਿੰਡਾਂ ਦੀ 5700 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਲਏ ਗਏ ਹਨ ਜਿਸ ਵਿੱਚੋਂ 1900 ਏਕੜ ਦਲਿਤ ਭਾਈਚਾਰੇ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਜਾਤ-ਪਾਤ ਤੋਂ ਹਰ ਵਿਅਕਤੀ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰੇਗੀ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਨੌਜਵਾਨਾਂ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਗਲਾ ਨੰਬਰ ਪੁੱਛੇ ਜਾਣ ’ਤੇ ਮਾਨ ਨੇ ਕਿਹਾ ਕਿ ਪਿਛਲੇ ਸਮੇਂ ’ਚ ਘਪਲੇ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਦੀ ਸੂਚੀ ਬਹੁਤ ਲੰਬੀ ਹੈ ਤੇ ਇਨ੍ਹਾਂ ਸਾਰਿਆਂ ਵਿਰੁੱਧ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ।