ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਜੁਲਾਈ
ਭਾਜਪਾ ਦੇ ਸੀਨੀਅਰ ਆਗੂ ਕੇਡੀ ਭੰਡਾਰੀ ਨੇ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਣ ਦੇ ਮਾਮਲੇ ਨੂੰ ਮੁੜ ਵਿਚਾਰਨ। ਉਨ੍ਹਾਂ ਆਖਿਆ ਕਿ ਪੰਜਾਬੀ ਹੋਣ ਦੇ ਨਾਤੇ ਅਨਿਲ ਜੋਸ਼ੀ ਨੇ ਕਿਸਾਨਾਂ ਦੇ ਮੁੱਦੇ ਨੂੰ ਸਭ ਤੋਂ ਪਹਿਲਾਂ ਪਾਰਟੀ ਦੇ ਮੰਚ ’ਤੇ ਹੀ ਉਠਾਇਆ ਸੀ। ਉਨ੍ਹਾਂ ਨੇ ਇਹੀ ਗੱਲ ਕੀਤੀ ਸੀ ਕਿ ਜੋ ਹਾਲਾਤ ਬਣੇ ਹੋਏ ਹਨ ਉਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਸ੍ਰੀ ਭੰਡਾਰੀ ਨੇ ਦਾਅਵਾ ਕੀਤਾ ਕਿ ਅਨਿਲ ਜੋਸ਼ੀ ਨੇ ਕਦੇ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ ਕੋਈ ਬਿਆਨਬਾਜ਼ੀ ਨਹੀਂ ਕੀਤੀ ਸੀ ਤੇ ਨਾ ਹੀ ਖੇਤੀ ਕਾਨੂੰਨਾਂ ਵਿਰੁੱਧ ਉਹ ਬੋਲੇ ਸਨ। ਉਨ੍ਹਾਂ ਨੇ ਤਾਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਸੀ ਕਿ ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਦਾ ਮਾਮਲਾ ਹੱਲ ਹੋਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਪੰਜਾਬ ਵਿੱਚ ਭਾਜਪਾ ਨੂੰ ਰਾਜਨੀਤਕ ਨੁਕਸਾਨ ਉਠਾਉਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਪਹਿਲਾਂ ਮੁਅੱਤਲ ਕੀਤਾ ਸੀ ਤੇ ਬਾਅਦ ਵਿੱਚ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਹੱਕ ਵਿੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨਿਲ ਜੋਸ਼ੀ ਉਦੋਂ ਹੀ ਜਨਤਕ ਤੌਰ ’ਤੇ ਬੋਲਣ ਲੱਗੇ ਸਨ ਜਦੋਂ ਉਨ੍ਹਾਂ ਨੇ ਮਹਿਸੂਸ ਕੀਤਾ ਸੀ ਕਿ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਨਹੀਂ ਬਣਨਾ ਚਾਹੀਦਾ ਜਿਸ ਨਾਲ ਹਿੰਦੂ-ਸਿੱਖ ਭਾਈਚਾਰੇ ਦੀ ਸਾਂਝ ਨੂੰ ਸੱਟ ਵੱਜੇ। ਪੰਜਾਬੀ ਹੋਣ ਦੇ ਨਾਤੇ ਅਨਿਲ ਜੋਸ਼ੀ ਨੇ ਬਣਦਾ ਆਪਣਾ ਫ਼ਰਜ਼ ਨਿਭਾਇਆ ਹੈ।
ਜ਼ਿਕਰਯੋਗ ਹੈ ਕਿ ਕੇਡੀ ਭੰਡਾਰੀ ਪਹਿਲਾਂ ਵੀ ਇਹ ਬਿਆਨ ਦੇ ਚੁੱਕੇ ਹਨ ਕਿ ਉਹ ਪਹਿਲਾਂ ਪੰਜਾਬੀ ਹਨ ਤੇ ਪੰਜਾਬ ਦੇ ਹੱਕਾਂ ਹਿੱਤਾਂ ਲਈ ਡੱਟ ਕੇ ਖੜ੍ਹਨਗੇ। ਸ੍ਰੀ ਭੰਡਾਰੀ ਨੇ ਕਿਹਾ ਕਿ ਕਿਸਾਨ ਵੀ ਉਨ੍ਹਾਂ ਨੇ ਭੈਣ-ਭਰਾ ਹਨ ਜੋ ਲੰਮੇ ਸਮੇਂ ਤੋਂ ਸੜਕਾਂ ’ਤੇ ਧਰਨਾ ਦੇ ਰਹੇ ਹਨ। ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੋਣਾ ਚਾਹੀਦਾ ਹੈ।