ਸੰਜੀਵ ਹਾਂਡਾ
ਫ਼ਿਰੋਜ਼ਪੁਰ, 22 ਜੂਨ
ਪੰਜਾਬ ਸਰਕਾਰ ਦੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਆਪਣੇ ਕਾਰਜਕਾਲ ਦੌਰਾਨ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤੇ ਜਾਣ ਦੇ ਦੋਸ਼ ਲੱਗ ਰਹੇ ਹਨ। ਇਸ ਸਬੰਧੀ ਹੁਣ ਮੁੱਦਕੀ ਦੇ ਇੱਕ ਠੇਕੇਦਾਰ ਰਾਕੇਸ਼ ਗਰਗ ਨੇ ਵਿਜੀਲੈਂਸ ਵਿਭਾਗ ਦੇ ਡੀਜੀਪੀ ਨੂੰ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਹੈ ਕਿ ਕਾਂਗਰਸ ਦੀ ਸਰਕਾਰ ਵੇਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਫ਼ਿਰੋਜ਼ਪੁਰ ਵਿੱਚ ਸਰਕਾਰੀ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰ ਐਲਾਟ ਕਰਨ ਵੇਲੇ ਵੱਡੇ ਪੱਧਰ ’ਤੇ ਘਪਲੇਬਾਜ਼ੀ ਕੀਤੀ ਹੈ। ਠੇਕੇਦਾਰ ਨੇ ਇਸ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਦਿਹਾਤੀ ਹਲਕੇ ਦੇ ਵਿਧਾਇਕ ਰਜਨੀਸ਼ ਦਹੀਆ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪੂਰੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਠੇਕੇਦਾਰ ਰਾਕੇਸ਼ ਗਰਗ ਮੁਤਾਬਕ 2020-21 ਅਤੇ 2021-22 ਦੌਰਾਨ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਵਿੱਚ ਕਾਂਗਰਸ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਟੈਂਡਰ ਦੁਆਉਣ ਲਈ ਨਵੀਂ ਨੀਤੀ ਤਿਆਰ ਕੀਤੀ ਤੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ। ਉਧਰ, ਦੂਜੇ ਪਾਸੇ ਫ਼ੂਡ ਸਪਲਾਈ ਵਿਭਾਗ ਦੇ ਸਥਾਨਕ ਡਿਪਟੀ ਡਾਇਰੈਕਟਰ ਮੰਗਲ ਦਾਸ ਅਤੇ ਕੰਟਰੋਲਰ ਡਾਕਟਰ ਵੰਦਨਾ ਕੰਬੋਜ ਨੇ ਠੇਕੇਦਾਰ ਰਾਕੇਸ਼ ਗਰਗ ਦੀ ਸ਼ਿਕਾਇਤ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਸਾਰੇ ਟੈਂਡਰ ਸਰਕਾਰ ਦੀ ਪਾਲਿਸੀ ਮੁਤਾਬਕ ਜਾਰੀ ਕੀਤੇ ਗਏ ਸਨ।