ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 19 ਮਈ
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਹਵਾਈ ਅੱਡੇ ਨੇੜਿਓਂ ਆਈਟੀ ਸਿਟੀ ਤੋਂ ਕੁਰਾਲੀ ਅਤੇ ਡੇਰਾਬੱਸੀ ਖੇਤਰ ਵਿੱਚ ਬਣਾਏ ਜਾਣ ਵਾਲੇ ਦੋ ਕੌਮੀ ਮਾਰਗਾਂ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕੁਆਇਰ ਕਰਨ ਦਾ ਮਾਮਲਾ ਭਖ਼ਦਾ ਜਾ ਰਿਹਾ ਹੈ। ਉਚਿੱਤ ਭਾਅ ਨਾ ਮਿਲਣ ਵਿਰੁੱਧ ਮੁਹਾਲੀ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਦੀ ਸਾਂਝੀ ਰੋਡ ਸੰਯੁਕਤ ਕਿਸਾਨ ਕਮੇਟੀ ਨੇ ਅੱਜ ਦੂਜੇ ਦਿਨ ਵੀ ਡੀਸੀ ਦਫ਼ਤਰ ਅੱਗੇ ਧਰਨਾ ਲਾਇਆ।
ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁੱਖ ਸੜਕ ’ਤੇ ਟੈਂਟ ਲਗਾ ਕੇ ਪੱਕਾ ਮੋਰਚਾ ਆਰੰਭਿਆ ਹੈ। ਇਸ ਦੌਰਾਨ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕਰਕੇ ਐਕੁਆਇਰ ਜ਼ਮੀਨਾਂ ਦਾ ਭਾਅ ਮੌਜੂਦਾ ਮਾਰਕੀਟ ਰੇਟ ਅਨੁਸਾਰ ਦੇਣ ਦੀ ਮੰਗ ਰੱਖੀ ਪਰ ਸਹਿਮਤੀ ਨਾ ਬਣਨ ਕਾਰਨ ਇਹ ਮੀਟਿੰਗ ਬੇਸਿੱਟਾ ਰਹੀ।
ਕਿਸਾਨਾਂ ਮੁਤਾਬਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਇਨਸਾਫ਼ ਲਈ ਅਦਾਲਤ ਜਾਣ ਦੀ ਸਲਾਹ ਦੇ ਕੇ ਤੋਰ ਦਿੱਤਾ। ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਰੋਡ ਸੰਯੁਕਤ ਕਿਸਾਨ ਕਮੇਟੀ ਦੇ ਡੇਰਾਬੱਸੀ ਖੇਤਰ ਦੇ ਪ੍ਰਧਾਨ ਬਲਜਿੰਦਰ ਸਿੰਘ, ਕਾਮਰੇਡ ਅਵਤਾਰ ਸਿੰਘ, ਰਤਨ ਸਿੰਘ ਫੌਜੀ, ਹਰਦਿੱਤ ਸਿੰਘ ਧਰਮਗੜ੍ਹ ਅਤੇ ਸੁਖਜੀਤ ਸਿੰਘ ਮਨੌਲੀ ਸੂਰਤ ਨੇ ਕਿਹਾ ਕਿ ਉਹ ਘੱਟ ਕੀਮਤ ’ਤੇ ਜ਼ਮੀਨ ਐਕੁਆਇਰ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜ਼ਮੀਨ ਦਾ ਐਵਾਰਡ ਦੇਣ ਲਈ ਕਿਸਾਨਾਂ ਅਤੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਵੇਂ ਸਿਰਿਓਂ ਮੌਜੂਦਾ ਮਾਰਕੀਟ ਭਾਅ ਅਨੁਸਾਰ ਐਵਾਰਡ ਸੁਣਾਏ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀ ਇਹ ਜਾਇਜ਼ ਮੰਗ ਨਹੀਂ ਮੰਨਦੀ ਜਾਂ ਲਿਖਤੀ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਹੁਕਮਰਾਨ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਨਛੱਤਰ ਸਿੰਘ ਬੈਦਵਾਨ ਗੁਰਮੁੱਖ ਸਿੰਘ ਲਾਂਡਰਾਂ, ਜਸਪਾਲ ਸਿੰਘ ਨਿਆਮੀਆਂ, ਲਖਵਿੰਦਰ ਸਿੰਘ ਕਰਾਲਾ, ਬੀਬੀ ਗੁਰਮੀਤ ਕੌਰ, ਕਰਮਜੀਤ ਸਿੰਘ ਝੰਜੇੜੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਹ ਦਲੀਲ ਦਿੱਤੀ ਕਿ ਇਸ ਪ੍ਰਾਜੈਕਟ ਸਬੰਧੀ ਉਨ੍ਹਾਂ ਕੋਲ ਸੀਮਤ ਸ਼ਕਤੀਆਂ ਹਨ, ਜਿਸ ਕਰਕੇ ਉਹ ਇਸ ਪ੍ਰਾਜੈਕਟ ਨੂੰ ਬੰਦ ਨਹੀਂ ਕਰਵਾ ਸਕਦੇ, ਜਿਸ ’ਤੇ ਕਿਸਾਨਾਂ ਨੇ ਇਹ ਮਾਮਲਾ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਣ ਲਈ ਕਿਹਾ।