ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਟੌਲ ਪਲਾਜ਼ਾ ਕਾਲਾਝਾੜ ਵਿਖੇ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਧਰਨੇ 170 ਵੇਂ ਦਿਨ ਵੀ ਜਾਰੀ ਰੱਖੇ ਗਏ। ਇਸ ਮੌਕੇ ਯੂਨੀਅਨ ਦੇ ਆਗੂ ਨਵਜੋਤ ਕੌਰ ਚੰਨੋ, ਸੁਖਦੇਵ ਸਿੰਘ ਘਰਾਚੋਂ ਅਤੇ ਮੇਵਾ ਸਿੰਘ ਕਾਲਝਾੜ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 21 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੁਨਾਮ ਵਿਖੇ ਕੀਤੀ ਜਾ ਰਹੀ ਕਾਨਫਰੰਸ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਹੋਣ ਲਈ ਕਿਹਾ ਗਿਆ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ ।