ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਅਗਸਤ
ਇਥੋਂ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਬੁਢਾਪਾ ਪੈਨਸ਼ਨਾ ਵੰਡਣ ਅਤੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਤਾਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਅੱਜ ਫੇਰ ਮੰਤਰੀ ਦਾ ਸਮਾਗ਼ਮ ਵਿੱਚ ਹੀ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੁਲੀਸ ਵੱਲੋਂ ਬੇਰੁਜ਼ਗਾਰ ਰਾਜਕਿਰਨ ਕੌਰ, ਨਰਪਿੰਦਰ ਕੌਰ, ਗੁਰਦੀਪ ਕੌਰ ਬਠਿੰਡਾ, ਗੁਰਪ੍ਰੀਤ ਮਲੇਰਕੋਟਲਾ, ਲਖਵੀਰ ਕੌਰ, ਹਰਦੀਪ ਮਲੇਰਕੋਟਲਾ, ਪਲਵਿੰਦਰ ਸਿੰਘ, ਪ੍ਰਸ਼ੋਤਮ ਸਿੰਘ, ਗੁਰਦੀਪ ਸਿੰਘ, ਗੁਰਮੇਲ ਬਰਗਾੜੀ, ਸੁਰਿੰਦਰ ਸਿੰਘ, ਕ੍ਰਿਸ਼ਨ ਸਿੰਘ ਨੂੰ ਗ੍ਰਿਫਤਾਰ ਕਰਕੇ ਭਵਾਨੀਗੜ੍ਹ ਥਾਣੇ ਚ ਡੱਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਕੈਬਨਿਟ ਮੰਤਰੀ ਸਿੰਗਲਾ ਪਿੰਡ ਦਾ ਨਿਰੀਖਣ ਕਰ ਰਹੇ ਸੀ ਤਾਂ ਬੇਰੁਜ਼ਗਾਰ ਅਧਿਆਪਕ ਸੁਖਜੀਤ ਸਿੰਘ ਅਤੇ ਜਸਵੰਤ ਫਾਜ਼ਿਲਕਾ ਨੇ ਘੇਰ ਕੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਵੀ ਭਵਾਨੀਗੜ੍ਹ ਥਾਣੇ ਵਿੱਚ ਲਿਜਾਇਆ ਗਿਆ। ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।