ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 26 ਅਗਸਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿੱਚ ਅੱਜ 330ਵੇਂ ਦਿਨ ਲਗਾਏ ਧਰਨੇ ਦੌਰਾਨ ਇਨਕਲਾਬੀ ਗਾਇਕ ਮਜ਼ਦੂਰ ਮੇਵਾ ਸਿੰਘ ਕਾਲਾਝਾੜ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਮੇਵਾ ਸਿੰਘ ਕਾਲਾਝਾੜ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਦੌਰਾਨ ਸ਼ੁਰੂ ਤੋਂ ਹੀ ਟੌਲ ਪਲਾਜ਼ਾ ਕਾਲਾਝਾੜ ਵਿਖੇ ਲੋਕ ਪੱਖੀ ਗੀਤ ਗਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਸੀ। ਕਾਲਾਝਾੜ ਦੀ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਲਿਜਾਇਆ ਗਿਆ ਪਰ ਉਹ ਸਦੀਵੀ ਵਿਛੋੜਾ ਦੇ ਗਿਆ। ਉਨ੍ਹਾਂ ਦੱਸਿਆ ਕਿ ਮੇਵਾ ਸਿੰਘ ਕਾਲਾਝਾੜ ਦਾ ਕੱਲ ਨੂੰ ਪੋਸਟਮਾਰਟਮ ਉਪਰੰਤ ਸਸਕਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੇਵਾ ਸਿੰਘ ਕਾਲਾਝਾੜ ਦੀ ਮੌਤ ਤੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ।