ਭਵਾਨੀਗੜ੍ਹ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਚੋਣ ਪਾਰਦਰਸ਼ੀ ਢੰਗ ਨਾਲ ਹੋਣ ਦਾ ਦਾਅਵਾ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 28 ਫਰਵਰੀ
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਟਰਾਂਸਪੋਰਟ ਸੈੱਲ ਦੇ ਸੂਬਾਈ ਆਗੂ ਗੁਰਤੇਜ ਸਿੰਘ ਝਨੇੜੀ ਅਤੇ ਯੂਨੀਅਨ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਭੋਲਾ ਸਰਪੰਚ ਬਲਿਆਲ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਕੱਲ੍ਹ ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਦੀ ਚੋਣ ਬਿਨਾਂ ਕਿਸੇ ਕਿਸਮ ਦੇ ਸਿਆਸੀ ਦਬਾਅ ਨਾਲ ਹੋਈ ਹੈ। ਦੋਵਾਂ ਆਗੂਆਂ ਨੇ ਦੱਸਿਆ ਕਿ ਚੋਣ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹੀ ਜਤਿੰਦਰ ਸਿੰਘ ਵਿੱਕੀ ਬਾਜਵਾ ਦਾ ਨਾਂ ਪ੍ਰਧਾਨ ਤੇ ਬਾਕੀ ਮੈਂਬਰਾਂ ਵਜੋਂ ਪ੍ਰਪੋਜ਼ ਕੀਤਾ ਗਿਆ ਸੀ ਅਤੇ ਹਾਜ਼ਰ ਅਪਰੇਟਰਾਂ ਨੇ ਸਹਿਮਤੀ ਪ੍ਰਗਟ ਕੀਤੀ ਸੀ। ਉਨ੍ਹਾਂ ਸਮੂਹ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਕਿ ਟਰੱਕ ਯੂਨੀਅਨ ਨਾਲ ਹਜ਼ਾਰਾਂ ਅਪਰੇਟਰਾਂ, ਡਰਾਈਵਰਾਂ ਅਤੇ ਹੋਰ ਛੋਟੇ-ਛੋਟੇ ਕਾਰੋਬਾਰ ਕਰਨ ਵਾਲਿਆਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ, ਇਸ ਲਈ ਇਸ ਮੁੱਦੇ ਨੂੰ ਸਿਆਸੀ ਰੰਗਤ ਦੇਣ ਤੋਂ ਗ਼ੁਰੇਜ਼ ਕੀਤਾ ਜਾਵੇ। ਉਨ੍ਹਾਂ ਕੱਲ੍ਹ ਪ੍ਰਧਾਨ ਦੀ ਚੋਣ ਤੋਂ ਖ਼ਫ਼ਾ ਹੋ ਕੇ ਜ਼ਹਿਰ ਨਿਗਲਣ ਵਾਲੇ ਟਰੱਕ ਅਪਰੇਟਰ ਮਨਜੀਤ ਸਿੰਘ ਕਾਕਾ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਉਸ ਨੂੰ ਅਜਿਹਾ ਕਦਮ ਚੁੱਕਣ ਦੀ ਥਾਂ ਚੋਣ ਮੀਟਿੰਗ ਵਿੱਚ ਹਾਜ਼ਰ ਹੋਣਾ ਚਾਹੀਦਾ ਸੀ।
ਭਾਜਪਾ ਆਗੂ ਖੰਨਾ ਨੇ ਕਾਕਾ ਦਾ ਹਾਲ-ਚਾਲ ਪੁੱਛਿਆ
ਪਟਿਆਲਾ (ਸਰਬਜੀਤ ਸਿੰਘ ਭੰਗੂ): ਭਾਜਪਾ ਆਗੂ ਅਰਵਿੰਦ ਖੰਨਾ ਅੱਜ ਅਮਰ ਹਸਪਤਾਲ ’ਚ ਜ਼ੇਰੇ ਇਲਾਜ ਟਰੱਕ ਅਪਰੇਟਰ ਮਨਜੀਤ ਸਿੰਘ ਕਾਕਾ ਵਾਸੀ ਫੱਗੂਵਾਲਾ ਦਾ ਹਾਲ-ਚਾਲ ਪੁੱਛਣ ਆਏ ਸਨ। ਜ਼ਿਕਰਯੋਗ ਹੈ ਕਿ ਮਨਜੀਤ ਨੇ ਕੱਲ੍ਹ ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਤੋਂ ਖ਼ਫ਼ਾ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਕਾਰਕੁਨਾਂ ਸਣੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਕਈ ਅਪਰੇਟਰ ਵੀ ਮੌਜੂਦ ਸਨ।
ਮਾਮਲੇ ਦੀ ਜਾਂਚ ਈਡੀ ਤੋਂ ਕਰਵਾਈ ਜਾਵੇ: ਖੰਨਾ
ਸੰਗਰੂਰ (ਗੁਰਦੀਪ ਸਿੰਘ ਲਾਲੀ): ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਭਵਾਨੀਗੜ੍ਹ ਟਰੱਕ ਯੂਨੀਅਨ ’ਚ ਪੈਸਿਆਂ ਦੇ ਕਥਿਤ ਲੈਣ-ਦੇਣ ਕਰ ਕੇ ਪ੍ਰਧਾਨ ਬਣਾਉਣ ਦੇ ਮਾਮਲੇ ’ਚ ਵਿਧਾਇਕ ਤੇ ਉਨ੍ਹਾਂ ਦੇ ਪਤੀ ਦਾ ਨਾਮ ਸਾਹਮਣੇ ਆਉਣਾ ਤੇ ਟਰੱਕ ਆਪਰੇਟਰ ਵੱਲੋਂ ਜ਼ਹਿਰ ਨਿਗਲਣਾ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਅਪਣਾਈ ਨੀਤੀ ’ਤੇ ਸਵਾਲ ਖੜ੍ਹੇ ਕਰਦਾ ਹੈ। ਸ੍ਰੀ ਖੰਨਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਮੌਜੂਦਾ ਜੱਜ ਜਾਂ ਈਡੀ ਤੋਂ ਕਰਵਾਈ ਜਾਵੇ।
ਮਾਮਲੇ ਦੀ ਜਾਂਚ ਹੋਵੇ: ਭਰਾਜ
ਸੰਗਰੂਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਸਿਆਸੀ ਆਗੂ ਉਨ੍ਹਾਂ ਉੱਪਰ ਚਿੱਕੜ ਸੁੱਟਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣ ਅਤੇ ਦੇਣ ਵਾਲਾ ਦੋਵੇਂ ਕਸੂਰਵਾਰ ਹਨ। ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।