ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੂਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ। ਇਸ ਮੌਕੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਿਆਂ ਵਿੱਚ ਗੱਤਕਾ ਅਖਾੜੇ ਅਤੇ ਆਧੁਨਿਕ ਸ਼ੂਟਿੰਗ ਰੇਂਜ ਕਾਇਮ ਕਰਨ ਦਾ ਸੱਦਾ ਦਿੱਤਾ।
ਸ੍ਰੀ ਅਕਾਲ ਤਖ਼ਤ ਵਿਖੇ ਸ਼ਹੀਦਾਂ ਨਮਿੱਤ ਅਖੰਡ ਪਾਠ ਦੇ ਭੋਗ ਮਗਰੋਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ, ਜਦਕਿ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਦੌਰਾਨ ਦੋਸ਼ ਲਾਇਆ ਕਿ ਦੇਸ਼ ਵੰਡ ਮਗਰੋਂ ਸਿੱਖਾਂ ਨੂੰ ਧਾਰਮਿਕ, ਆਰਥਿਕ, ਸਮਾਜਿਕ ਤੇ ਰਾਜਸੀ ਤੌਰ ’ਤੇ ਕਮਜ਼ੋਰ ਕੀਤਾ ਗਿਆ ਹੈ, ਜਿਸ ਦੇ ਸਿੱਟੇ ਵਜੋਂ ਹੀ ਜੂਨ 1984 ਵਿੱਚ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ 37 ਹੋਰ ਗੁਰਧਾਮਾਂ ’ਤੇ ਫ਼ੌਜੀ ਹਮਲੇ ਕਰਵਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸਾਈਅਤ ਦਾ ਪ੍ਰਚਾਰ ਵਧ ਰਿਹਾ ਹੈ ਅਤੇ ਪਿੰਡਾਂ ਵਿੱਚ ਚਰਚ ਅਤੇ ਮਸੀਤਾਂ ਬਣ ਰਹੀਆਂ ਹਨ, ਜੋ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਧਾਰਮਿਕ ਆਗੂਆਂ ਪਿੰਡਾਂ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨ ਨਸ਼ੇ ਛੱਡ ਕੇ ਉੱਚ ਦਰਜੇ ਦੀ ਵਿੱਦਿਆ ਪ੍ਰਾਪਤ ਕਰਕੇ ਦੇਸ਼ ਅਤੇ ਦੁਨੀਆ ਵਿੱਚ ਅੱਗੇ ਵਧਣ। ਉਨ੍ਹਾਂ ਸੱਦਾ ਦਿੱਤਾ ਕਿ ਗੁਰਦੁਆਰਿਆਂ ਵਿੱਚ ਗਤਕਾ ਅਖਾੜੇ ਅਤੇ ਆਧੁਨਿਕ ਸ਼ੂਟਿੰਗ ਰੇਂਜ ਕਾਇਮ ਕਰਕੇ ਹਥਿਆਰ ਚਲਾਉਣ ਦੀ ਸਿਖਲਾਈ ਦਿੱਤੀ ਜਾਵੇ। ਜਥੇਦਾਰ ਨੇ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਆ ਗਿਆ, ਜਿਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਪੁੱਤਰ ਭਾਈ ਈਸ਼ਰ ਸਿੰਘ, ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਬੇਟੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ, ਬੇਅੰਤ ਸਿੰਘ ਅਤੇ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਬਿਧੀਚੰਦ ਸੰਪਰਦਾਇ ਤੋਂ ਬਾਬਾ ਅਵਤਾਰ ਸਿੰਘ, ਸਿਮਰਨਜੀਤ ਸਿੰਘ ਮਾਨ, ਦਲ ਖ਼ਾਲਸਾ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸ਼ਹੀਦਾਂ ਨੂੰ ਯਾਦ ਕੀਤਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ਵਿੱਚ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ’ਤੇ ਕੀਤੇ ਗਏ ਫ਼ੌਜੀ ਹਮਲੇ ਮੌਕੇ ਸ਼ਹੀਦ ਹੋਏ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਿੱਖ ਕੌਮ ਕਦੇ ਵੀ ਆਪਣੇ ਗੁਰਧਾਮਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੀ। ਗੁਰਧਾਮਾਂ ਦੀ ਬੇਅਦਬੀ ਕਰਨ ਵਾਲੇ ਦੁਸ਼ਮਣਾਂ ਨੂੰ ਸਿੱਖ ਕੌਮ ਨੇ ਹਮੇਸ਼ਾ ਹੀ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਜੂਨ 1984 ਦਾ ਘੱਲੂਘਾਰਾ ਕਿਸੇ ਬਾਹਰੀ ਦੁਸ਼ਮਣ ਨੇ ਨਹੀਂ, ਬਲਕਿ ਆਪਣੇ ਹੀ ਦੇਸ਼ ਦੀ ਸਰਕਾਰ ਨੇ ਕੀਤਾ ਸੀ। ਇਸ ਘਟਨਾ ਨੂੰ ਪੂਰੇ ਵਿਸ਼ਵ ਦੇ ਧਰਮ ਇਤਿਹਾਸ ਵਿੱਚ ਕਰੂਰ ਕਾਰੇ ਵਜੋਂ ਯਾਦ ਰੱਖਿਆ ਜਾਵੇਗਾ।
ਜਥੇਦਾਰ ਦੀ ਸੁਰੱਖਿਆ ’ਚ ਨੀਮ ਫੌਜੀ ਬਲ ਦੇ ਸਿੱਖ ਜਵਾਨ ਤਾਇਨਾਤ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਸੁਰੱਖਿਆ ਮਨਜ਼ੂਰ ਕਰ ਲਈ ਹੈ। ਉਨ੍ਹਾਂ ਦੀ ਸੁਰੱਖਿਆ ਲਈ ਨੀਮ ਫੌਜੀ ਬਲ ਸੀਆਰਪੀਐੱਫ ਦੇ ਸਿੱਖ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੀ ਪੁਸ਼ਟੀ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਾਇਨਾਤ ਕੀਤੇ ਗਏ ਸੁਰੱਖਿਆ ਕਰਮਚਾਰੀਆਂ ਨੂੰ ਹਾਲੇ ਉਹ ਮਿਲੇ ਨਹੀਂ ਹਨ ਤੇ ਨਾ ਹੀ ਉਨ੍ਹਾਂ ਦੀ ਗਿਣਤੀ ਆਦਿ ਬਾਰੇ ਕੋਈ ਜਾਣਕਾਰੀ ਹੈ। ਇਹ ਸੁਰੱਖਿਆ ਮੁਲਾਜ਼ਮ ਬੀਤੇ ਕੱਲ੍ਹ ਤੋਂ ਉਨ੍ਹਾਂ ਦੇ ਨਾਲ ਹਨ ਤੇ ਆਪਣੇ ਵਾਹਨਾਂ ਨਾਲ ਉਨ੍ਹਾਂ ਦੇ ਕਾਫ਼ਲੇ ਦੇ ਪਿੱਛੇ ਚੱਲ ਰਹੇ ਹਨ। ਅਕਾਲ ਤਖ਼ਤ ਸਕੱਤਰੇਤ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਜਥੇਦਾਰ ਦੀ ਸੁਰੱਖਿਆ ਵਿੱਚ ਅੱਧੀ ਦਰਜਨ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨੂੰ ਹਾਲ ਦੀ ਘੜੀ ਗੁਰਦੁਆਰੇ ਤੇ ਦਫ਼ਤਰ ਦੇ ਅੰਦਰ ਦਾਖਲ ਨਾ ਹੋਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜਥੇਦਾਰ ਨੂੰ ਮਿਲਣ ਲਈ ਆਉਣ ਵਾਲੇ ਕਿਸੇ ਵਿਅਕਤੀ ਨੂੰ ਨਾ ਰੋਕਿਆ ਜਾਵੇ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤਾ ਸੁਰੱਖਿਆ ਮੁਲਾਜ਼ਮਾਂ ਦਾ ਦਸਤਾ ਵੀ ਕੰਮ ਕਰਦਾ ਰਹੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਵੱਲੋਂ ਮੁਹੱਈਆ ਕੀਤੀ ਗਈ ਜੈੱਡ ਸ਼੍ਰੇਣੀ ਦੀ ਸੁਰੱਖਿਆ ਵਿੱਚ ਨੀਮ ਫੌਜੀ ਬਲ ਦੇ ਦੋ ਦਰਜਨ ਤੋਂ ਵੱਧ ਸੁਰੱਖਿਆ ਮੁਲਾਜ਼ਮ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਕੁਝ ਜਥੇਦਾਰ ਦੀ ਤਲਵੰਡੀ ਸਾਬੋ ਸਥਿਤ ਰਿਹਾਇਸ਼, ਦਫ਼ਤਰ ਤੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਤਾਇਨਾਤ ਰਹਿਣਗੇ ਤੇ ਕੁਝ ਉਨ੍ਹਾਂ ਦੇ ਕਾਫਲੇ ਨਾਲ ਚੱਲਣਗੇ।