ਦਲੇਰ ਸਿੰਘ ਚੀਮਾ
ਭੁਲੱਥ, 20 ਅਕਤੂਬਰ
ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਮਾਨਾ ਤਲਵੰਡੀ ਵਿਖੇ ਹੋਈ, ਜਿਸ ਵਿਚ ਜਿੱਥੇ ਸਮਾਜ ਦੇ ਹਰ ਵਰਗ ਦੇ ਹਜ਼ਾਰਾਂ ਲੋਕਾਂ ਵਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ ਉੱਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਹੁੰਚਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਭੂਮੀ ਰੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸ਼ਹੀਦ ਦੀ ਮਾਤਾ, ਪਤਨੀ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਵਿਸ਼ਵਾਸ਼ ਵੀ ਦਿਵਾਇਆ। ਉੁਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਲਈ ਐਲਾਨ ਕੀਤੀ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਵਿਚੋਂ 5 ਲੱਖ ਰੁਪਏ ਦਾ ਚੈੱਕ ਸ਼ਹੀਦ ਦੀ ਪਤਨੀ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਐਕਸਗ੍ਰੇਸ਼ੀਆ ਗਰਾਂਟ ਦੀ ਰਕਮ ਤੇ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਜਲਦ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਨਾਮ ਉੱਪਰ ਪਿੰਡ ਮਾਨਾ ਤਲਵੰਡੀ ਵਿਖੇ ਖੇਡ ਸਟੇਡੀਅਮ ਉਸਾਰਨ ਤੇ ਪਿੰਡ ਨੂੰ ਵਿਕਾਸ ਕੰਮਾਂ ਲਈ 10 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੀ ਸਾਫ ਸਫਾਈ ਤੇ ਨਵੀਨੀਕਰਨ ਲਈ ਵੀ ਕੈਬਨਿਟ ਮੰਤਰੀ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਸ਼ਹੀਦ ਜਸਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ।