ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਦੇ ਡਿੱਪੂਆਂ ਦੇ ਜਨਰਲ ਮੈਨੇਜਰਾਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਹਰ ਬੱਸ ਤੋਂ ਪ੍ਰਤੀ ਲਿਟਰ ਵੱਧ ਤੋਂ ਵੱਧ ਮਾਈਲੇਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸ੍ਰੀ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ ਕਿ ਡਿੱਪੂਆਂ ਦੇ ਜਨਰਲ ਮੈਨੇਜਰ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਰਿਕਵਰੀ ਕਰਨ ਸਬੰਧੀ ਕਾਰਵਾਈ ਰਿਪੋਰਟ ਉਨ੍ਹਾਂ ਕੋਲ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੇ ਪੈਸੇ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਤੇ ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਕਿਸੇ ਅਹੁਦੇ ਦਾ ਲਿਹਾਜ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਛੇਤੀ ਹੀ ਆਨਲਾਈਨ ਕਰਨ ਦੇ ਨਿਰਦੇਸ਼ ਦਿੰਦਿਆਂ 15 ਦਿਨਾਂ ਅੰਦਰ ਇਸ ਸਬੰਧੀ ਖਰੜਾ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਪ੍ਰਕਿਰਿਆ ਨਾਲ ਜਿੱਥੇ ਲੋਕਾਂ ਨੂੰ ਤੁਰੰਤ ਅਤੇ ਆਸਾਨੀ ਨਾਲ ਸੇਵਾਵਾਂ ਮਿਲਣਗੀਆਂ, ਉਥੇ ਬੱਸ ਪਰਮਿਟ ਦੇਣ ਜਿਹੀ ਸੇਵਾ ਆਨਲਾਈਨ ਕਰਨ ਨਾਲ ਬੱਸ ਮਾਫ਼ੀਆ ਨੂੰ ਵੀ ਠੱਲ੍ਹ ਪਵੇਗੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸਾਂ ਨੂੰ ਅਲਾਟ ਕੀਤੀ ਜਾਂਦੀ ਸਮਾਂ-ਸਾਰਨੀ ਵਿੱਚ ਵੀ ਕਿਸੇ ਕਿਸਮ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਪਟਿਆਲਾ ਪੂਨਮਦੀਪ ਕੌਰ ਵੀ ਮੌਜੂਦ ਸਨ।