ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਪੁਲੀਸ ਵੱਲੋਂ ਕੀਤੀ ਗਈ ਖਿੱਚ-ਧੂਹ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਪ੍ਰਾਪਤੀ ਲਈ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰਾ ਨਾ ਕਰਕੇ ‘ਆਪ’ ਨੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਆਗੂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨਿਆਂ ਵਿੱਚ ਸ਼ਾਮਲ ਹੁੰਦੇ ਰਹੇ ਪਰ ਹੁਣ ‘ਆਪ’ ਸਰਕਾਰ ਵੀ ਅਕਾਲੀ ਦਲ ਅਤੇ ਕਾਂਗਰਸ ਦੇ ਰਾਹ ’ਤੇ ਤੁਰ ਪਈ ਹੈ।