ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਅਕਤੂਬਰ
ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੱਡੇ ਬਿਜਲੀ ਦੇ ਕੱਟ ਲੱਗਣਗੇ ਕਿਉਂਕਿ ਥਰਮਲ ਪਲਾਂਟਾਂ ਵਿੱਚ ਚਾਰ-ਪੰਜ ਦਿਨ ਦਾ ਹੀ ਕੋਲਾ ਬਚਿਆ ਹੈ। ਉਹ ਅੱਜ ਇੱਥੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਹੀਂ ਖੁੱਲ੍ਹਦਾ ਤਾਂ ਆਉਣ ਵਾਲੇ ਸਮੇਂ ਵਿੱਚ ਮੁਸ਼ਕਿਲਾਂ ਵਧਣ ਵਾਲੀਆਂ ਹਨ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਪੰਜਾਬ ਸਰਕਾਰ ਕੋਲ ਪਲਾਨ ‘ਬੀ’ ਵੀ ਤਿਆਰ ਹੈ। ਆਸ਼ੂ ਨੇ ਕਿਹਾ ਕਿ ਕਿਸਾਨੀ ਮੁੱਦਿਆਂ ’ਤੇ ਕੇਂਦਰ ਦੀ ਭਾਜਪਾ ਤੇ ਅਕਾਲੀ ਦਲ ਦਾ ਰਵੱਈਆ ਗ਼ੈਰਸੰਵੇਦਨਸ਼ੀਲ ਹੈ। ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਇਨ੍ਹਾਂ ਕਾਲੇ ਕਾਨੂੰਨਾਂ ਦਾ ਪ੍ਰਭਾਵ ਪੰਜਾਬ ਵਿੱਚ ਖ਼ਤਮ ਕਰਨ ਲਈ ਬੁਲਾਇਆ ਜਾ ਰਿਹਾ ਹੈ।