Punjab: ਰੱਖੜੀ ਦੇ ਤਿਉਹਾਰ ’ਤੇ ਲੋਕਾਂ ਨੂੰ ਵੱਡੀ ਰਾਹਤ: 27 ਅਗਸਤ ਨੂੰ ਆਮ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ
ਰੱਖੜੀ ਦੇ ਤਿਉਹਾਰ ਅਤੇ ਟਰਾਂਸਪੋਰਟ ਮੰਤਰੀ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਯੂਨੀਅਨ ਦਾ ਵੱਡਾ ਕਦਮ
ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕਾਮਿਆਂ ਵੱਲੋਂ ਵੀਰਵਾਰ ਯਾਨੀ 27 ਅਗਸਤ ਨੂੰ ਬੱਸਾਂ ਨੂੰ ਪੂਰੀ ਤਰ੍ਹਾਂ ਆਮ ਵਾਂਗ ਚਲਾਉਣ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ। ਜਥੇਬੰਦੀਆਂ ਨੇ ਇਹ ਕਦਮ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨ ਤੋਂ ਬਚਾਉਣ ਲਈ ਚੁੱਕਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ। ਸਰਕਾਰ ਵੱਲੋਂ ਮੰਗਾਂ ’ਤੇ ਹਾਂ-ਪੱਖੀ ਰੁਖ਼ ਅਪਣਾਉਣ ਅਤੇ ਤਿਉਹਾਰ ਦੀ ਮਹੱਤਤਾ ਨੂੰ ਦੇਖਦਿਆਂ ਰੋਡਵੇਜ਼ ਯੂਨੀਅਨ ਨੇ ਹੜਤਾਲ ਜਾਂ ਬੱਸਾਂ ਰੋਕਣ ਦਾ ਫ਼ੈਸਲਾ ਫਿਲਹਾਲ ਵਾਪਸ ਲੈ ਲਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਹੋਈ ਚਰਚਾ ਤੋਂ ਬਾਅਦ ਹੁਣ ਰੋਜ਼ਾਨਾ ਦੀ ਤਰ੍ਹਾਂ ਸਾਰੇ ਰੂਟਾਂ ਉੱਤੇ ਸਰਕਾਰੀ ਬੱਸਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਨਿਰਣਾ ਲਿਆ ਗਿਆ ਹੈ। ਯੂਨੀਅਨ ਦੇ ਇਸ ਫ਼ੈਸਲੇ ਨਾਲ ਰੱਖੜੀ ਦੇ ਮੌਕੇ ਆਪਣੇ ਘਰਾਂ ਨੂੰ ਜਾਣ ਵਾਲੇ ਮੁਸਾਫਰਾਂ, ਖਾਸ ਕਰਕੇ ਭੈਣਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।

