ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਅਕਤੂਬਰ
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦਾ ਰੋਹ ਲਗਾਤਾਰ ਵਧ ਰਿਹਾ ਹੈ। ਦੋ ਔਰਤਾਂ ਸਿੱਪੀ ਸ਼ਰਮਾ ਅਤੇ ਵੀਰਪਾਲ ਕੌਰ ਪਿੰਡ ਸੋਹਾਣਾ ਦੀ ਪਾਣੀ ਵਾਲੀ ਟੈਂਕੀ ਉੱਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੀਆਂ ਹੋਈਆਂ ਹਨ ਜਦੋਂਕਿ ਬਾਕੀ ਸਾਥੀ ਟੈਂਕੀ ਦੇ ਥੱਲੇ ਲੜੀਵਾਰ ਧਰਨੇ ’ਤੇ ਬੈਠੇ ਹਨ। ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੋਣ ਵਾਅਦਿਆਂ ਤੋਂ ਮੁਨਕਰ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਸਾਲ ਪਹਿਲਾਂ ਆਪਣੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨਾਲ ਵਾਅਦਾ ਚੇਤੇ ਕਰਵਾਉਣ ਲਈ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਪੈਦਲ ਮਾਰਚ ਕੀਤਾ ਜਾਵੇਗਾ। ਇਸੇ ਦੌਰਾਨ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਅੱਜ ਕੁਝ ਸਮੇਂ ਲਈ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
‘ਭਗਵੰਤ ਮਾਨ ਨੂੰ ਜੈਨੀ ਜੌਹਲ ਦਾ ਗੀਤ ਸੁਣਨ ਲਈ ਮਜਬੂਰ ਕਰਾਂਗੇ’
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਅਤੇ ਉਸ ਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਗਈ ਹੈ? ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਨ੍ਹਾਂ (ਭਗਵੰਤ ਮਾਨ) ਨੂੰ ਜੈਨੀ ਜੌਹਲ ਦਾ ਗੀਤ ਸੁਣਨ ਲਈ ਮਜਬੂਰ ਕੀਤਾ ਜਾਵੇਗਾ ਤੇ ਇਸ ਸਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿੱਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕੀਤਾ ਜਾਵੇਗਾ।