ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਬਾਰੇ ਆਖਿਆ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ ਹੈ।
ਸਕੱਤਰੇਤ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀ ਕਾਰਵਾਈ ਹੈ। ਇਸ ਦੌਰਾਨ ਉਨ੍ਹਾਂ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਮਨਜੀਤ ਸਿੰਘ ਦੀ ਦਰਿਆ ਵਿਚ ਡੁੱਬਣ ਨਾਲ ਮੌਤ ਹੋਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਨੇ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਣ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਸਾਂਝੇ ਬਿਆਨ ਵਿਚ ਜਗਦੀਸ਼ ਟਾਈਟਲਰ ਦੇ ਜਨਮ ਦਿਨ ਦੀਆਂ ਵਧਾਈਆਂ ਸਬੰਧੀ ਬੋਰਡ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਟਾਈਟਲਰ ਨੂੰ ਵਧਾਈਆਂ ਦੇਣ ਦੇ ਮਾਮਲੇ ਦੀ ਜਾਂਚ ਹੋਵੇ: ਲੌਂਗੋਵਾਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਸਿੱਖ ਕਤਲੇਆਮ ਲਈ ਮੁਲਜ਼ਮ ਜਗਦੀਸ਼ ਟਾਈਟਲਰ ਦਾ ਅੰਮ੍ਰਿਤਸਰ ਵਿਚ ਕੁਝ ਲੋਕਾਂ ਵਲੋਂ ਜਨਮ ਦਿਨ ਮਨਾਉਣਾ ਅਤੇ ਇਸ ਸਬੰਧੀ ਬੋਰਡ ਲਾਉਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕੰਮ ਹੈ। ਉਨ੍ਹਾਂ ਆਖਿਆ ਕਿ ਕਰਮਜੀਤ ਸਿੰਘ ਨਾਂ ਦੇ ਜਿਸ ਵਿਅਕਤੀ ਨੇ ਜਨਮ ਦਿਨ ਦੀਆਂ ਵਧਾਈਆਂ ਵਾਲਾ ਇਹ ਬੋਰਡ ਲਾਇਆ ਹੈ, ਉਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।