ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਮੁੱਖ ਬੁਲਾਰੇ ਤੇ ਮੀਡੀਆ ਕਮੇਟੀ ਦੇ ਚੇਅਰਮੈਨ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਦਖਲ ਨਾਲ ਕਿਸਾਨਾਂ ਦਾ ਮੁੱਦਾ ਹੋਰ ਜ਼ਿਆਦਾ ਗੁੰਝਲਦਾਰ ਹੋ ਗਿਆ ਹੈ। ਅਕਾਲੀ ਆਗੂ ਨੇ ਖੇਤੀ ਕਾਨੂੰਨਾਂ ਦੇ ਅਮਲ ’ਤੇ ਅਗਲੇ ਆਦੇਸ਼ਾਂ ਤੱਕ ਲੱਗੀ ਰੋਕ ਦਾ ਸਵਾਗਤ ਕੀਤਾ ਪਰ ਆਦੇਸ਼ ਦੇ ਦੂਜੇ ਹਿੱਸੇ ਵਿੱਚ ਕਮੇਟੀ ’ਚ ਸ਼ਾਮਲ ਵਿਅਕਤੀਆਂ ਦਾ ਪਿਛੋਕੜ ਸਰਕਾਰ ਪੱਖੀ ਹੋਣ ਕਾਰਨ ਕਮੇਟੀ ਦੀ ਬਣਤਰ ਨੂੰ ਮੰਦਭਾਗਾ ਕਰਾਰ ਦਿੱਤਾ। ਇੱਕ ਬਿਆਨ ਰਾਹੀਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਤਾਜ਼ਾ ਫ਼ੈਸਲੇ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਬਿਹਤਰ ਹੱਲ ਨਹੀਂ ਨਿਕਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨੀ ਸੰਘਰਸ਼ ਨੂੰ ਅਸਫ਼ਲ ਕਰਨ ਲਈ ਸੋਚ ਸਮਝ ਕੇ ਸਾਜਿਸ਼ ਤਹਿਤ ਇਹ ਯੋਜਨਾ ਬਣਾਈ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਪੱਖ ਦਾ ਸਮਰਥਨ ਕੀਤਾ।