ਕਬੱਡੀ ਖਿਡਾਰੀ ਤੇਜਪਾਲ ਦੇ ਪਰਿਵਾਰ ਨੂੰ ਮਿਲੇ ਬਿੱਟੂ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਅੱਜ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਪੁੱਜੇ ਤੇ ਮਰਹੂਮ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ। ਤੇਜਪਾਲ ਦੀ ਲੰਘੇ ਦਿਨੀਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਿੱਟੂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮੰਤਰੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਕਤਲ, ਲੁੱਟ-ਖਸੁੱਟ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਦੋਂ ਕਿ ਸੂਬਾ ਪ੍ਰਸ਼ਾਸਨ ਉਦਾਸੀਨ ਹੈ। ਤੇਜਪਾਲ (25) ਨੂੰ ਹਾਲ ਹੀ ਵਿੱਚ ਜਗਰਾਓਂ ਵਿੱਚ ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਹੁਣ ਤੱਕ ਦੋ ਭਰਾਵਾਂ ਸਮੇਤ ਤਿੰਨ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਲੁਧਿਆਣਾ ਦਿਹਾਤੀ ਪੁਲੀਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
