ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜਨਵਰੀ
ਭਾਜਪਾ ਦੀ ਕੇਂਦਰੀ ਮੰਤਰੀ ਅਤੇ ਪੰਜਾਬ ਚੋਣਾਂ ਲਈ ਨਿਯੁਕਤ ਸਹਿ-ਇੰਚਾਰਜ ਮੀਨਾਕਸ਼ੀ ਲੇਖੀ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਲੋਕ ਸਭਾ ਹਲਕੇ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਸਬੰਧੀ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਮਗਰੋਂ ਗੱਲ ਕਰਦਿਆਂ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਠਪੁਤਲੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਦ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਹੈ, ਜਿਸ ਬਾਰੇ ਸੂਬੇ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਚੰਨੀ ਸਰਕਾਰ ਦੇ 100 ਦਿਨ ਦੇ ਰਿਪੋਰਟ ਕਾਰਡ ’ਤੇ ਵੀ ਟਿੱਪਣੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਭਾਜਪਾ ਦੇ ਦਫ਼ਤਰ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ ਅਰਥਵਿਵਸਥਾ ਨੂੰ ਠੀਕ ਕੀਤਾ ਜਾਵੇਗਾ। ਉਨ੍ਹਾਂ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਦੀਆਂ ਨੀਤੀਆਂ ਕਾਰਨ ਦਿੱਲੀ ਦੀ ਜਨਤਾ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਚੋਣਾਂ ਆਉਂਦੀਆਂ ਹਨ ਤਾਂ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋ ਜਾਂਦੀਆਂ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦਾ ਵਿਰੋਧ ਕਰਨ ਦੇ ਕੀਤੇ ਗਏ ਐਲਾਨ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਅਤੇ ਜੇਕਰ ਇਸ ਤੋਂ ਬਾਅਦ ਵੀ ਕਿਸਾਨ ਵਿਰੋਧ ਕਰਦੇ ਹਨ ਤਾਂ ਇਸ ਪਿੱਛੇ ਕੌਣ ਹੈ, ਇਸ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਆਗੂਆਂ ਦਾ ਸਨਮਾਨ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਹੋਰ ਆਗੂ ਹਾਜ਼ਰ ਸਨ। ਇਸੇ ਦੌਰਾਨ ਕੇਂਦਰੀ ਮੰਤਰੀ ਅਤੇ ਭਾਜਪਾ ਦੀ ਪੰਜਾਬ ਚੋਣਾਂ ਬਾਰੇ ਸਹਿ-ਇੰਚਾਰਜ ਮੀਨਾਕਸ਼ੀ ਲੇਖੀ ਨੇ ਪ੍ਰਦਰਸ਼ਨਕਾਰੀ ਏਐੱਨਐੱਮ ਔਰਤਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਜ਼ਖ਼ਮੀ ਔਰਤ ਦਾ ਹਾਲ-ਚਾਲ ਵੀ ਪਤਾ ਕੀਤਾ।
ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਾਰ ਹੇਠ ਆਉਣ ਕਾਰਨ ਜ਼ਖ਼ਮੀ ਹੋਈ ਪ੍ਰਦਰਸ਼ਨਕਾਰੀ ਏਐੱਨਐੱਮ ਅਮਨਦੀਪ ਕੌਰ ਦੇ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਸ੍ਰੀ ਸਿੱਧੂ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਪੂਰਬੀ ਤੋਂ ਉਮੀਦਵਾਰ ਜੀਵਨਜੋਤ ਕੌਰ ਨੇ ਹਸਪਤਾਲ ਜਾ ਕੇ ਜ਼ਖ਼ਮੀ ਏਐੱਨਐੱਮ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲੀਸ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਇਸ ਮਾਮਲੇ ਵਿਚ ਧਰਨੇ ਲਾ ਕੇ ਵਿਰੋਧ ਕਰੇਗੀ।