ਦਵਿੰਦਰ ਪਾਲ
ਚੰਡੀਗੜ੍ਹ, 4 ਫਰਵਰੀ
ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ’ਤੇ ਅਧਾਰਿਤ ਸਿਆਸੀ ਗੱਠਜੋੜ ਨੇ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਅੱਜ 11 ਸੂਤਰੀ ਸੰਕਲਪ ਪ੍ਰੋਗਰਾਮ ਜਾਰੀ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ, ਕੌਮੀ ਸੁਰੱਖਿਆ, ਨਸ਼ਾ ਮੁਕਤ ਤੇ ਮਾਫੀਆ ਮੁਕਤ ਪੰਜਾਬ ਦੇਣ ਦਾ ਵਾਅਦਾ ਕੀਤਾ ਹੈ।
ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐੱਨਡੀਏ ਵੱਲੋਂ ਵੋਟਾਂ ਵਾਲੇ ਦਿਨ ਤੋਂ ਪਹਿਲਾਂ ਸਾਂਝਾ ਚੋਣ ਮਨੋਰਥ-ਪੱਤਰ ਵੀ ਜਾਰੀ ਕੀਤਾ ਜਾਵੇਗਾ। ਭਾਜਪਾ ਦੀ ਅਗਵਾਈ ਵਾਲੇ ਸਿਆਸੀ ਗੱਠਜੋੜ ਨੇ ਜਿੱਥੇ ਸਿੱਖਿਆ ਅਤੇ ਸਿਹਤ ਦਾ ਪੱਧਰ ਉੱਚਾ ਚੁੱਕਣ ਦਾ ਵਾਅਦਾ ਕੀਤਾ ਹੈ, ਉਥੇ ਭਾਜਪਾ ਦਾ ਨਾਅਰਾ ‘ਸਬ ਕਾ ਸਾਥ ਤੇ ਸਬ ਕਾ ਵਿਕਾਸ’ ਦਿੰਦਿਆਂ ਬਜ਼ੁਰਗਾਂ ਦੀ ਪੈਨਸ਼ਨ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਔਰਤਾਂ ਲਈ 33 ਫੀਸਦੀ ਰਾਖਵਾਂਕਰਨ, ਔਰਤਾਂ ਲਈ 10 ਲੱਖ ਰੁਪਏ ਤੱਕ ਦੇ ਘੱਟ ਵਿਆਜ ਵਾਲੇ ਕਰਜ਼ੇ ਅਤੇ ਆਂਗਣਵਾੜੀ ਵਰਕਰਾਂ ਦਾ ਭੱਤਾ 10 ਹਜ਼ਾਰ ਤੇ ਆਸ਼ਾ ਵਰਕਰਾਂ ਦਾ ਭੱਤਾ ਛੇ ਹਜ਼ਾਰ ਰੁਪਏ ਤੱਕ ਵਧਾਉਣ ਦਾ ਸੰਕਲਪ ਵੀ ਜਾਰੀ ਕੀਤਾ ਹੈ।
ਭਾਜਪਾ ਦੇ ਸੀਨੀਅਰ ਆਗੂ ਹਰਦੀਪ ਪੁਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਨੇ ਕਿਹਾ ਕਿ ਮੁੱਖ ਮੰਤਰੀ ਬਾਰੇ ਫ਼ੈਸਲਾ ਨਤੀਜੇ ਆਉਣ ਤੋਂ ਬਾਅਦ ਲਿਆ ਜਾਵੇਗਾ।