ਚਰਨਜੀਤ ਭੁੱਲਰ
ਚੰਡੀਗੜ੍ਹ, 5 ਜੂਨ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਪ੍ਰਮੁੱਖ ਸਿਆਸੀ ਧਿਰਾਂ ਵੱਲੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਭਲਕੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਦਾ ਆਖ਼ਰੀ ਦਿਨ ਹੈ। ਭਾਜਪਾ ਨੇ ਅੱਜ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਹ ਬੀਤੇ ਦਿਨ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਕਾਂਗਰਸ ਨੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਮਗਰੋਂ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਖ਼ਾਲੀ ਹੋ ਗਈ ਸੀ, ਜਿੱਥੇ ਹੁਣ 23 ਜੂਨ ਨੂੰ ਵੋਟਾਂ ਪੈਣਗੀਆਂ। ‘ਆਪ’ ਨੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਐਲਾਨਿਆ ਹੈ, ਜਿਨ੍ਹਾਂ ਆਪਣਾ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਵੀ ਕਾਗ਼ਜ਼ ਦਾਖਲ ਕਰਨ ਮਗਰੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ।
ਭਲਕੇ ਸੋਮਵਾਰ ਨੂੰ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ, ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
‘ਆਪ’ ਸਰਕਾਰ ਬਣਨ ਮਗਰੋਂ ਇਹ ਪਹਿਲੀ ਜ਼ਿਮਨੀ ਚੋਣ ਹੈ। ਭਾਜਪਾ ਨੇ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨ ਕੇ ਪੇਂਡੂ ਵੋਟ ਬੈਂਕ ਨੂੰ ਨਿਸ਼ਾਨੇ ’ਤੇ ਰੱਖਿਆ ਹੈ। ਕੇਵਲ ਢਿੱਲੋਂ ਜਦੋਂ 2019 ਵਿੱਚ ਬਤੌਰ ਕਾਂਗਰਸੀ ਉਮੀਦਵਾਰ ਸੰਗਰੂਰ ਹਲਕੇ ਤੋਂ ਚੋਣ ਲੜੇ ਸਨ ਤਾਂ ਉਦੋਂ ਉਨ੍ਹਾਂ ਨੂੰ 3.03 ਲੱਖ (27.43 ਫ਼ੀਸਦੀ) ਵੋਟਾਂ ਪਈਆਂ ਸਨ ਪਰ ਉਹ ‘ਆਪ’ ਉਮੀਦਵਾਰ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਕੇਵਲ ਢਿੱਲੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹੇ ਹਨ। ਨਵੇਂ ਬਣੇ ਭਾਜਪਾ ਆਗੂ ਕੇਵਲ ਢਿੱਲੋਂ 2007 ਅਤੇ 2012 ਵਿੱਚ ਬਰਨਾਲਾ ਹਲਕੇ ਤੋਂ ਵਿਧਾਇਕ ਬਣੇ ਅਤੇ ਉਸ ਮਗਰੋਂ 2017 ਵਿੱਚ ਚੋਣ ਹਾਰ ਗਏ ਸਨ। 2022 ਵਿੱਚ ਕਾਂਗਰਸ ਨੇ ਕੇਵਲ ਢਿੱਲੋਂ ਦੀ ਟਿਕਟ ਕੱਟ ਦਿੱਤੀ ਸੀ।
ਕਾਂਗਰਸ ਦੇ ਉਮੀਦਵਾਰ ਦਲਬੀਰ ਗੋਲਡੀ ਹਾਲ ਹੀ ਵਿੱਚ ਹੋਈ ਵਿਧਾਨ ਸਭਾ ਚੋਣ ਵਿੱਚ ਹਲਕਾ ਧੂਰੀ ਤੋਂ ਭਗਵੰਤ ਮਾਨ ਕੋਲੋਂ ਹਾਰ ਗਏ ਸਨ। ਧੂਰੀ ਹਲਕੇ ਤੋਂ ਗੋਲਡੀ ਨੂੰ ਸਿਰਫ਼ 18.98 ਫ਼ੀਸਦੀ ਵੋਟਾਂ ਹਾਸਲ ਹੋਈਆਂ ਸਨ। ਗੋਲਡੀ 2017 ਵਿੱਚ ਧੂਰੀ ਹਲਕੇ ਤੋਂ ਵਿਧਾਇਕ ਬਣੇ ਸਨ। ਉਨ੍ਹਾਂ 2007 ਵਿਚ ਯੂਥ ਕਾਂਗਰਸ ਤੋਂ ਆਪਣੀ ਸਿਆਸੀ ਪਾਰੀ ਸ਼ੁਰੂ ਕੀਤੀ ਸੀ। ‘ਆਪ’ ਉਮੀਦਵਾਰ ਗੁਰਮੇਲ ਸਿੰਘ ਪਿੰਡ ਘਰਾਚੋਂ ਦੇ ਸਰਪੰਚ ਵੀ ਹਨ ਅਤੇ 2013 ਤੋਂ ‘ਆਪ’ ਨਾਲ ਜੁੜੇ ਹੋਏ ਹਨ। ਲੋਕ ਸਭਾ ਹਲਕਾ ਸੰਗਰੂਰ ਵਿੱਚ ਮੁਸਲਿਮ ਅਤੇ ਅਗਰਵਾਲ ਭਾਈਚਾਰੇ ਦਾ ਕਾਫ਼ੀ ਵੋਟ ਬੈਂਕ ਹੈ। ਸੰਗਰੂਰ ਦੇ ਕੁੱਝ ਹਲਕਿਆਂ ਵਿੱਚ ਕਿਸਾਨ ਧਿਰਾਂ ਦਾ ਵੀ ਕਾਫ਼ੀ ਜ਼ੋਰ ਹੈ। ਮੌਜੂਦਾ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਸੰਗਰੂਰ ਹਲਕੇ ’ਚੋਂ ਹੀ ਹਨ।