ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਬਚਾਅ ਰਹੀਆਂ ਨੇ ਭਾਜਪਾ ਤੇ ਕਾਂਗਰਸ: ਚੀਮਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਰੁੱਧ ਕੇਸ ਦਰਜ ਹੋਣ ਤੋਂ 24 ਘੰਟੇ ਬਾਅਦ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਤੇ ਭਾਜਪਾ ਮਿਲੀਭੁਗਤ ਕਰ ਕੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਬਚਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਮਜੀਠੀਆ ਦੇ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਤਾਂ ਸਾਰੇ ਆਗੂ ਪਹਿਲਾਂ ਉਸ ਦੇ ਬਚਾਅ ਵਿੱਚ ਖੜ੍ਹੇ ਦਿਖਾਈ ਦਿੱਤੇ। ਇਸ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਵਿਰੁੱਧ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਦਿੱਤੀ ਜਿਸ ਦੇ ਆਧਾਰ ’ਤੇ ਕੇਸ ਦਰਜ ਕੀਤਾ ਹੈ। ਸ੍ਰੀ ਚੀਮਾ ਨੇ ਚੰਡੀਗੜ੍ਹ ਪੁਲੀਸ ’ਤੇ ਦੋਸ਼ ਲਗਾਇਆ ਕਿ ਉਹ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕੇਸ ਦਰਜ ਕਰ ਰਹੇ ਹਨ ਜਦੋਂਕਿ ਪੁਲੀਸ ਕੋਲ ਕਈ ਹਜ਼ਾਰ ਸ਼ਿਕਾਇਤਾਂ ਪਹਿਲਾਂ ਹੀ ਬਕਾਇਆ ਹਨ। ਵਿੱਤ ਮੰਤਰੀ ਨੇ ਕਿਹਾ ਕਿ ਅਬੋਹਰ ਵਿੱਚ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਉਹ ਜੇਲ੍ਹ ਭਾਜਪਾ ਸਰਕਾਰ ਦੇ ਕੰਟਰੋਲ ਹੇਠ ਹੈ। ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚੋਂ ਭਾਰਤ ਦੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਰਿਹਾ ਹੈ।
ਬਿਸ਼ਨੋਈ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ: ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ਵਿੱਚ ਰੱਖ ਕੇ ਕਥਿਤ ਰਾਜਸੀ ਲਾਭ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ’ਤੇ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਵਿੱਚ ਕਈ ਕੇਸ ਚੱਲ ਰਹੇ ਹਨ। ਇਸ ਲਈ ਬਿਸ਼ਨੋਈ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।