ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਦਸੰਬਰ
ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਦਿੱਲੀ ਬਾਰਡਰ ’ਤੇ ਚੱਲ ਰਿਹਾ ਕਿਸਾਨੀ ਸੰਘਰਸ਼ ਕਿਸੇ ਇਕ ਧਰਮ, ਫਿਰਕੇ, ਵਰਗ ਜਾਂ ਖੇਤਰ ਨਾਲ ਸਬੰਧਤ ਨਹੀਂ ਹੈ, ਸਗੋਂ ਸਾਰੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਟਰਾਂਸਪੋਰਟਰਾਂ ਸਮੇਤ ਖੇਤੀਬਾੜੀ ਨਾਲ ਜੁੜੇ ਤਮਾਮ ਵਪਾਰੀਆਂ-ਕਾਰੋਬਾਰੀਆਂ ਦਾ ਸੰਘਰਸ਼ ਹੈ, ਜਿਸ ਨੂੰ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਸਰਕਾਰ ਕਿਸੇ ਸਿੱਟੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਖਤਮ ਕਰਨ ਦੇ ਇਰਾਦਿਆਂ ਨਾਲ ਫਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਸ ਅੰਦੋਲਨ ਨੂੰ ਛੋਟਾ ਦਿਖਾਉਣ ਲਈ ਇਕੱਲੇ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਕਹਿ ਕੇ ਗੁੰਮਰਾਹ ਕਰ ਰਹੀਆਂ ਹਨ। ਜਦੋਂ ਕਿ ਸੰਘਰਸ਼ ਵਿੱਚ ਸਾਰੇ ਦੇਸ਼ ਦੇ ਕਿਸਾਨ ਸ਼ਾਮਲ ਹਨ।