‘ਨਸ਼ਾ ਮੁਕਤ ਪੰਜਾਬ’ ਮਾਮਲੇ ’ਤੇ ਭਾਜਪਾ ਨੇ ‘ਆਪ’ ਘੇਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੂਨ
ਪੰਜਾਬ ਭਾਜਪਾ ਨੇ ‘ਆਪ’ ਸਰਕਾਰ ਵੱਲੋਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਕੀਤੇ ਵਾਅਦੇ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਭਾਜਪਾ ਨੇ ਕਿਹਾ ਕਿ ‘ਆਪ’ ਦਾ ਪੰਜਾਬ ਨੂੰ ਨਸ਼ਾ-ਮੁਕਤ ਕਰਨ ਦਾ ਵਾਅਦਾ ਇੱਕ ਵਾਰ ਫਿਰ ਧੋਖਾ ਸਾਬਤ ਹੋਇਆ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 31 ਮਈ 2025 ਤੱਕ ਨਸ਼ਾ ਮੁਕਤ ਪੰਜਾਬ ਲਈ ਪੰਜਵੀਂ ਡੈੱਡਲਾਈਨ ਦਿੱਤੀ ਗਈ ਸੀ ਜੋ ਲੰਘ ਗਈ ਹੈ ਪਰ ਸੂਬਾ ਨਸ਼ਿਆਂ ਦੇ ਮਾਮਲੇ ਵਿਚ ਪਹਿਲਾਂ ਨਾਲੋਂ ਵੀ ਬਦਤਰ ਹੋ ਗਿਆ ਹੈ।
ਸੂਬੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਨਸ਼ਾ ਬੇਰੋਕ ਵਿਕ ਰਿਹਾ ਹੈ ਅਤੇ ਜੇਲ੍ਹਾਂ ਵਿੱਚ ਵੀ ਨਸ਼ੇ ਦਾ ਕਾਰੋਬਾਰ ਖੁੱਲ੍ਹੇਆਮ ਚੱਲ ਰਿਹਾ ਹੈ।
ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜਨ ਵਿੱਚ ਨਾਕਾਮ ਰਹੀ ਹੈ, ਸਪਲਾਈ ਚੇਨ ਨਾ ਟੁੱਟਣ ਕਰਕੇ ਹੀ ਨਸ਼ਾ ਖ਼ਤਮ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਜਦੋਂ ਨਸ਼ੇ ਦੀ ਸਪਲਾਈ ਚੇਨ ਟੁੱਟੀ ਸੀ ਤਾਂ ਹਰ ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਸੈਂਟਰਾਂ ਦੇ ਬਾਹਰ ਦਵਾਈ ਲੈਣ ਲਈ ਲੰਬੀਆਂ ਕਤਾਰਾਂ ਲੱਗ ਗਈਆਂ ਸਨ ਪਰ ਇਸ ਮੁਹਿੰਮ ਵਿੱਚ ਅਜਿਹਾ ਕੁਝ ਨਹੀਂ ਦਿਸਿਆ ਜਿਸ ਤੋਂ ਸਪਸ਼ਟ ਹੈ ਕਿ ਸਪਲਾਈ ਚੇਨ ਨਹੀਂ ਟੁੱਟੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਖੋਖਲੇ ਅੰਕੜੇ ਪੇਸ਼ ਕਰ ਰਹੀ ਹੈ। ਭਾਜਪਾ ਆਗੂ ਨੇ ਸੂਬਾ ਸਰਕਾਰ ਤੋਂ ਸਵਾਲ ਪੁੱਛਿਆ ਕਿ ‘ਆਪ’ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਿਆਂ ਦੀ ਵਿਕਰੀ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਸੀ ਪਰ ਹੁਣ ਤਿੰਨ ਸਾਲਾਂ ਤੋਂ ‘ਆਪ’ ਸੱਤਾ ’ਤੇ ਕਾਬਜ਼ ਹੈ। ਇਸ ਦੇ ਬਾਵਜੂਦ ਨਸ਼ਾ ਤਸਕਰੀ ਖਤਮ ਨਹੀਂ ਹੋ ਰਹੀ ਹੈ। ਹੁਣ ਨਸ਼ਿਆਂ ਦੇ ਕਾਰੋਬਾਰ ਪਿੱਛੇ ਕੌਣ ਹੈ, ਉਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਸੱਤਾਧਾਰੀ ਲੋਕਾਂ ’ਤੇ ਨਸ਼ਿਆਂ ਦਾ ਵਪਾਰ ਕਰਨ ਦਾ ਇਸ਼ਾਰਾ ਕਰ ਚੁੱਕੇ ਹਨ, ਉਨ੍ਹਾਂ ਬਾਰੇ ਸੂਬਾ ਸਰਕਾਰ ਚੁੱਪ ਹੈ।
ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ੇ ਸ਼ੁਰੂ ਹੋਏ: ‘ਆਪ’
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਣ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਸਿਰਫ਼ ਬੰਦ ਕਮਰਿਆਂ ਵਿੱਚ ਬੈਠ ਕੇ ਗੱਲਾਂ ਕਰਨ ਵਾਲੀ ਪਾਰਟੀ ਹੈ, ਜਿਸ ਨੂੰ ਜ਼ਮੀਨੀ ਹਕੀਕਤ ਬਾਰੇ ਕੁਝ ਪਤਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ-ਭਾਜਪਾ ਦੀ ਸਰਕਾਰ ਸੀ। 2007 ਤੋਂ ਪਹਿਲਾਂ ਕਿਸੇ ਨੇ ‘ਚਿੱਟੇ’ ਦਾ ਨਾਮ ਵੀ ਨਹੀਂ ਸੁਣਿਆ ਸੀ। ਇਸ ਦੇ ਬੀਜ ਭਾਜਪਾ ਸਰਕਾਰ ਨੇ ਬੀਜੇ ਸਨ। ਸ੍ਰੀ ਗਰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ 90 ਦਿਨ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਹੈ। ਇਸ ਦੌਰਾਨ ਪੁਲੀਸ ਨੇ 14 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਹੈ।