ਦਵਿੰਦਰ ਪਾਲ
ਚੰਡੀਗੜ੍ਹ, 28 ਜਨਵਰੀ
ਭਾਜਪਾ ਦੇ ਕੇਂਦਰੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਸਰਕਾਰ ਬਣਾਏਗੀ। ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਸੂਬੇ ਦੇ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਅਤੇ ਸਹਿ-ਇੰਚਾਰਜ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਅਤੇ ਸਹਿ ਇੰਚਾਰਜ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਭੈਅ ਮੁਕਤ ਅਤੇ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਜਾਨ ਹੀ ਖ਼ਤਰੇ ਵਿੱਚ ਨਹੀਂ ਪਾਈ ਸਗੋਂ ਕੌਮੀ ਸੁਰੱਖਿਆ ਨੂੰ ਵੀ ਦਾਅ ’ਤੇ ਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ। ਇਸ ਲਈ ਇਸ ਸੂਬੇ ਦੀ ਸੁਰੱਖਿਆ ਦੇ ਮਾਮਲੇ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਭਾਜਪਾ ਦੇ ਕੇਂਦਰੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਨੇ ਭਾਜਪਾ ਖ਼ਿਲਾਫ਼ ਕੂੜ ਪ੍ਰਚਾਰ ਵਿੱਢਿਆ ਹੋਇਆ ਸੀ ਪਰ ਹੁਣ ਪੰਜਾਬ ਦੇ ਲੋਕ ਸਮਝ ਚੁੱਕੇ ਹਨ। ਇਹੀ ਕਾਰਨ ਹੈ ਕਿ ਸਮੂਹ ਵਰਗ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਰਹੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਨੂੰ ਸਿਰਫ਼ ਸ਼ਹਿਰੀ ਹੀ ਨਹੀਂ ਦਿਹਾਤੀ ਖੇਤਰ ਦੇ ਲੋਕਾਂ ਤੋਂ ਵੀ ਭਰਵੀਂ ਹਮਾਇਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਨਤੀਜੇ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਣਗੇ।
ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ
ਡਾ. ਸਤੀਸ਼ ਠੁਕਰਾਲ, ਸਾਬਕਾ ਡੀਈਓ ਦਰਸ਼ਨ ਸਿੰਘ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਮੈਂਬਰ ਅਤੇ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਲੁਧਿਆਣਾ ਦੇ ਪ੍ਰਧਾਨ ਐਲਬਰਟ ਦੂਆ, ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਮਨਦੀਪ ਜਿੰਦਲ, ਯੂਥ ਅਕਾਲੀ ਦਲ ਲੁਧਿਆਣਾ ਦੇ ਸਾਬਕਾ ਮੀਤ ਪ੍ਰਧਾਨ ਕਿਰਨ ਕੁਮਾਰ, ਲੁਧਿਆਣਾ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਦਿਵਯੰਕ ਜੈਨ ਅਤੇ ਸਮਾਜਿਕ ਵਰਕਰ ਰਣਦੀਪ ਕੌਰ ਸਾਥੀਆਂ ਸਮੇਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਸੂਬਾਈ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ’ਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।