ਦਵਿੰਦਰ ਪਾਲ
ਚੰਡੀਗੜ੍ਹ, 6 ਜਨਵਰੀ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਖ਼ਿਲਾਫ਼ ਸੁਰੱਖਿਆ ਖਾਮੀਆਂ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਦਾਅ ’ਤੇ ਲਾਉਣ ਦੇ ਦੋਸ਼ ਲਾਏ ਹਨ। ਪਾਰਟੀ ਦੇ ਵਫ਼ਦ ਨੇ ਅੱਜ ਇੱਥੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕਰਕੇ ਸੂਬੇ ਦੇ ਪੁਲੀਸ ਮੁਖੀ, ਗ੍ਰਹਿ ਸਕੱਤਰ ਤੇ ਹੋਰਨਾਂ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੋਸ਼ ਲਾਇਆ ਕਿ ਇਹ ਸਭ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਹੋਇਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਡੀਜੀਪੀ ਪੰਜਾਬ ਦੀ ਹਰੀ ਝੰਡੀ ਮਗਰੋਂ ਪ੍ਰਧਾਨ ਮੰਤਰੀ ਸੜਕ ਰਾਹੀਂ ਰਵਾਨਾ ਹੋਏ ਸਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਦੇ ਬੁਲਾਰਿਆਂ ਦੇ ਬਿਆਨ ਆ ਰਹੇ ਹਨ ਤੇ ਉਨ੍ਹਾਂ ਦੇ ਪ੍ਰਧਾਨ ਚੁੱਪ ਧਾਰੀ ਬੈਠੇ ਹਨ। ਜਿੱਥੇ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਕਾਂਗਰਸ ਸਰਕਾਰ ਦੀ ਨਾਕਾਮੀ ’ਤੇ ਸ਼ਰਮ ਮਹਿਸੂਸ ਕਰਨੀ ਚਾਹੀਦੀ ਸੀ, ਉਥੇ ਉਹ ਉਲਟੇ-ਸਿੱਧੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੜਕ ਰਾਹੀਂ ਆ ਰਹੇ ਸਨ ਤਾਂ ਉਹ ਰਸਤਾ ਪਹਿਲਾਂ ਹੀ ਬੰਦ ਸੀ। ਲੋਕਾਂ ਨੂੰ ਕਾਲੇ ਰੰਗ ਦੀ ਕਾਰ ਵਿੱਚ ਲਿਆ ਕੇ ਉਥੇ ਬਿਠਾ ਦਿੱਤਾ ਗਿਆ ਅਤੇ ਰੈਲੀ ਵਿੱਚ ਜਾਣ ਵਾਲੀਆਂ ਬੱਸਾਂ ਨੂੰ ਜਬਰਦਸਤੀ ਰੋਕ ਕੇ ਸੰਘਰਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉੱਥੇ ਲਿਆਉਣਾ ਇੱਕ ਡੂੰਘੀ ਸਾਜਿਸ਼ ਤਹਿਤ ਕੀਤਾ ਗਿਆ। ਫਲਾਈਓਵਰ ’ਤੇ ਕਾਫ਼ਲੇ ਨੂੰ ਰੋਕਣਾ ਸੁਰੱਖਿਆ ਦੇ ਨਜ਼ਰੀਏ ਤੋਂ ਪੂਰੀ ਤਰ੍ਹਾਂ ਗ਼ਲਤ ਹੈ।
ਭਾਜਪਾ ਆਗੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਕਾਫ਼ਲੇ ਵਿੱਚ ਡੀਜੀਪੀ ਪੰਜਾਬ ਤੇ ਮੁੱਖ ਸਕੱਤਰ ਜਾਂ ਸਰਕਾਰ ਦੇ ਕਿਸੇ ਨੁਮਾਇੰਦੇ ਦੀ ਗੈਰਹਾਜ਼ਰੀ, ਇਹ ਸਭ ਸ਼ੱਕ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਦੇ ਬਾਵਜੂਦ ਰੈਲੀ ਵਿੱਚ ਪਹੁੰਚੇ ਲੋਕਾਂ ਅਤੇ ਵਰਕਰਾਂ ਦੀ ਆਮਦ ਨੂੰ ਦੇਖ ਕੇ ਕਾਂਗਰਸ ਡਰ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਦਾ ਦੌਰਾ ਪਹਿਲਾਂ ਤੋਂ ਯੋਜਨਾਬੱਧ ਸੀ ਤਾਂ ਸੁਰੱਖਿਆ ਵਿੱਚ ਕਮੀ ਕਿਵੇਂ ਹੋਈ, ਇਨ੍ਹਾਂ ਸਵਾਲਾਂ ਦੇ ਜਵਾਬ ਕਾਂਗਰਸ ਤੇ ਚਰਨਜੀਤ ਸਿੰਘ ਚੰਨੀ ਨੂੰ ਦੇਣੇ ਪੈਣਗੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਅੱਜ ਪੰਜਾਬ ਦਾ ਮਾਹੌਲ ਅਤਿਵਾਦ ਤੋਂ ਵੀ ਖਰਾਬ ਕਰ ਦਿੱਤਾ ਹੈ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਹਰਜੀਤ ਗਰੇਵਾਲ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਹਾਜ਼ਰ ਸਨ।
‘ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੇ ਪੱਖ ਵਿੱਚ ਨਹੀਂ ਭਾਜਪਾ’
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਸਰਪ੍ਰਸਤ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਸਬੰਧੀ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਨਾਲ ਉਹ ਸਹਿਮਤ ਨਹੀਂ ਹਨ। ਸ੍ਰੀ ਸ਼ਰਮਾ ਬੁੱਧਵਾਰ ਨੂੰ ਫਿਰੋਜ਼ਪੁਰ ਨੇੜੇ ਪ੍ਰਦਰਸ਼ਨਕਾਰੀਆਂ ਨਾਲ ਹੋਈ ਝੜਪ ਵਿੱਚ ਜ਼ਖ਼ਮੀ ਹੋਣ ਮਗਰੋਂ ਸਥਾਨਕ ਸਿਵਲ ਹਸਪਤਾਲ ਵਿੱੱਚ ਜ਼ੇਰੇ ਇਲਾਜ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਨਾਗਪਾਲ ਦਾ ਹਾਲ-ਚਾਲ ਪੁੱਛਣ ਲਈ ਇਥੇ ਪਹੁੰਚੇ ਸਨ।ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਹਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਵਿਕਾਸ ਵਿੱਕੀ, ਸੀਨੀਅਰ ਆਗੂ ਪਰਦੀਪ ਨੰਦਾ ਵੀ ਮੌਜੂਦ ਸਨ। ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਡੇ ਆਗੂ ਹਨ ਅਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਨਾ ਉਨ੍ਹਾਂ ਦਾ ਲੋਕਤੰਤਰੀ ਅਧਿਕਾਰ ਹੈ, ਪਰ ਉਹ ਇਸ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਸਬੰਧੀ ਸੂਬੇ ਦੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਦੀ ਰੱਦ ਹੋਈ ਪੰਜਾਬ ਫੇਰੀ ਸਬੰਧੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਗ਼ੈਰਜ਼ਰੂਰੀ ਦੱਸਦਿਆਂ ਸ਼ਰਮਾ ਨੇ ਕਿਹਾ ਕਿ ਇਹ ਵੱਡਾ ਮਾਮਲਾ ਹੈ, ਕਮੇਟੀਆਂ ਬਣਾਉਣ ਨਾਲ ਹੱਲ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਵਿੱਚ ਦੇਸ਼ ਦੀ ਸਰਹੱਦ ਨੇੜੇ ਰੁਕਾਵਟ ਪੈਣੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਹੈ।