ਦਵਿੰਦਰ ਪਾਲ
ਚੰਡੀਗੜ੍ਹ, 10 ਫਰਵਰੀ
ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਜੋ ਕਿ ਕਤਲ ਵਰਗੇ ਘਿਣਾਉਣੇ ਤੇ ਸੰਗੀਨ ਅਪਰਾਧ ਦਾ ਦੋਸ਼ੀ ਹੈ, ਨੂੰ ਜ਼ਮਾਨਤ ਮਿਲਣਾ ਮੰਦਭਾਗਾ ਕਰਾਰ ਦਿੱਤਾ ਹੈ।
ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਡਾ. ਦਰਸ਼ਨ ਪਾਲ, ਸੁਖਦੇਵ ਸਿੰਘ ਕੋਕਰੀ ਕਲਾਂ, ਸਤਨਾਮ ਸਿੰਘ ਪੰਨੂ ਆਦਿ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਕਾਤਲਾਂ ਦਾ ਪੱਖ ਪੂਰਦੀ ਹੈ ਤੇ ਅਪਰਾਧੀਆਂ ਦੀ ਡੱਟ ਕੇ ਹਮਾਇਤ ਕਰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਦਿਨ ਦਿਹਾੜੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਗੱਡੀ ਹੇਠਾਂ ਦਰੜ ਕੇ ਸ਼ਹੀਦ ਕਰਨ ਵਾਲੇ ਆਸ਼ੀਸ਼ ਮਿਸ਼ਰਾ ’ਤੇ 302 ਦਾ ਪਰਚਾ ਦਰਜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਪਹਿਲੇ ਦਿਨ ਤੋਂ ਹੀ ਆਖ ਰਹੀਆਂ ਹਨ ਕਿ ਜਦੋਂ ਤੱਕ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਸੱਤਾ ਵਿੱਚ ਰਹੇਗਾ, ਉਨ੍ਹਾਂ ਚਿਰ ਨਿਰਪੱਖ ਜਾਂਚ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ ਕਿ ਕਿਸਾਨਾਂ ਦੇ ਕਾਤਲ ਨੂੰ ਅਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਦਿਵਾ ਦੇ ਗੁੰਡਾ ਰਾਜ ਸਥਾਪਤ ਕਰਨ ਲਈ ਲੋਕਾਂ ਨੂੰ ਡਰਾ ਕੇ ਵੋਟਾਂ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨਾਲ ਧਰੋਹ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਪੱਸ਼ਟ ਸੀ ਕਿ ਕਿਸਾਨਾਂ ਉੱਪਰ ਇਹ ਹਮਲਾ ਕੇਂਦਰ ਅਤੇ ਰਾਜ ਸਰਕਾਰ ਦੀ ਸ਼ਹਿ ਨਾਲ ਕੀਤਾ ਗਿਆ ਹੈ। ਇਸੇ ਕਾਰਨ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਨਾਲ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਣਗੇ ਅਤੇ ਪੀੜਤਾਂ ਨੂੰ ਨਿਆਂ ਮਿਲਣਾ ਔਖਾ ਹੋ ਜਾਵੇਗਾ ਕਿਉਂਕਿ ਚਸ਼ਮੀਦ ਗਵਾਹਾਂ ਨੂੰ ਖਤਰਾ ਵੱਧ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਯੁੰਕਤ ਕਿਸਾਨ ਮੋਰਚਾ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਮੋਰਚੇ ਦੀ ਮੰਗ ਹੈ ਕਿ ਸਰਕਾਰ ਹਾਈ ਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਤੁਰੰਤ ਅਪੀਲ ਦਾਇਰ ਕਰੇ। ਸੰਯੁਕਤ ਕਿਸਾਨ ਮੋਰਚਾ ਇਸ ਸਬੰਧੀ ਦੇਸ਼ ਦੇ ਪ੍ਰਮੁੱਖ ਵਕੀਲਾਂ ਦੀ ਰਾਏ ਲੈ ਕੇ ਅਪੀਲ ਦਾਇਰ ਕਰਨ ਵਿੱਚ ਪੀੜਤ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ। ਬਿਆਨ ਜਾਰੀ ਕਰਨ ਵਾਲੇ ਆਗੂਆਂ ਚ ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਵੀ ਸ਼ਾਮਲ ਸਨ।
ਭਾਜਪਾ, ਕੈਪਟਨ ਅਤੇ ਢੀਂਡਸਾ ਦੇ ਵਿਰੋਧ ਦਾ ਸੱਦਾ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਨੂੰ ਅਜਿਹੇ ’ਚ ਕਿਸਾਨ ਦੋਖੀ ਭਾਜਪਾ ਅਤੇ ਉਸ ਦੇ ਭਾਈਵਾਲਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਪੂਰਨ ਤੌਰ ’ਤੇ ਬਾਈਕਾਟ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਲੋਕ ਵਿਰੋਧੀ ਪਾਰਟੀਆਂ ਦੇ ਪੈਰ ਪੰਜਾਬ ਦੀ ਧਰਤੀ ’ਤੇ ਨਾ ਲੱਗਣ। ਉਨ੍ਹਾਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਅਤੇ ਉਸ ਦੇ ਭਾਈਵਾਲ ਆਗੂਆਂ ਵੱਲੋਂ ਪੰਜਾਬ ’ਚ ਕੀਤੀਆਂ ਜਾ ਰਹੀਆਂ ਰੈਲੀਆਂ, ਮੀਟਿਗਾਂ ਅਤੇ ਹਰ ਤਰ੍ਹਾਂ ਦੇ ਪ੍ਰਚਾਰ ਕਰਨ ਦਾ ਪਿੰਡ ਪੱਧਰ ਤੋਂ ਲੈ ਕੇ ਹਰ ਪੱਧਰ ’ਤੇ ਵਿਰੋਧ ਕੀਤਾ ਜਾਵੇ।