ਭਾਜਪਾ ਵੱਲੋਂ ਸ਼ਹੀਦੀ ਸਮਾਗਮਾਂ ਸਬੰਧੀ ਕਮੇਟੀ ਕਾਇਮ
ਭਾਜਪਾ ਨੇ ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਤਿੰਦਰ ਮਿੱਤਲ ਅਤੇ ਬੁਲਾਰੇ ਮਨਜੀਤ ਸਿੰਘ ਮੰਨਾ, ਦੀਦਾਰ ਸਿੰਘ ਭੱਟੀ, ਐੱਸ ਐੱਸ ਚੰਨੀ ਅਤੇ ਸ਼ਿਵਬੀਰ ਸਿੰਘ ਰਾਜਨ ਨੂੰ ਸਹਿ-ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਭਾਜਪਾ ਵੱਲੋਂ ਪੂਰੇ ਸੂਬੇ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਅਤੇ ਹੋਰ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਜਪਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਭਾਜਪਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿੱਚ ਵੀ ਸੈਮੀਨਾਰ ਕਰਵਾਏ ਜਾਣਗੇ। ਭਾਜਪਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ, ਏਕਤਾ ਤੇ ਰਾਸ਼ਟਰੀ ਸਮਰਪਣ ਨਾਲ ਮਨਾਉਣ ਦੀ ਅਪੀਲ ਕੀਤੀ।
