ਚਰਨਜੀਤ ਭੁੱਲਰ
ਚੰਡੀਗੜ੍ਹ, 7 ਜਨਵਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ’ਤੇ ਕਿਹਾ ਕਿ ਭਾਜਪਾ ਨੇ ਪੰਜ ਸੂਬਿਆਂ ਦੀਆਂ ਚੋਣਾਂ ਕਰਕੇ ਸੁਰੱਖਿਆ ਉਲੰਘਣਾ ਦਾ ਡਰਾਮਾ ਰਚਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੇਂਦਰੀ ਏਜੰਸੀਆਂ ਲੱਗੀਆਂ ਹੋਈਆਂ ਸਨ ਅਤੇ ਸੜਕੀ ਰਸਤੇ ਦਾ ਕੋਈ ਪਹਿਲਾਂ ਪਲਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਨਾ ਤਾਂ ਕੋਈ ਵੋਟ ਹੈ ਅਤੇ ਨਾ ਹੀ ਸਪੋਰਟ ਹੈ। ਸਿੱਧੂ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਸਾਂਝੇ ਤੌਰ ’ਤੇ ਅੱਜ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸਲ ਵਿਚ ਭਾਜਪਾ ਦੀ ਫ਼ਿਰੋਜ਼ਪੁਰ ਰੈਲੀ ਪੂਰੀ ਤਰ੍ਹਾਂ ਫਲਾਪ ਹੋ ਗਈ ਸੀ ਕਿਉਂਕਿ ਉਥੇ 70 ਹਜ਼ਾਰ ਕੁਰਸੀਆਂ ਲਾਈਆਂ ਗਈਆਂ ਸਨ ਜਦੋਂ ਕਿ ਸਿਰਫ਼ 500 ਲੋਕ ਹੀ ਪਹੁੰਚੇ ਹੋਏ ਸਨ। ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ ਨਾ ਕਿ ਇਕੱਲੇ ਭਾਜਪਾ ਦੇ ਅਤੇ ਉਨ੍ਹਾਂ ਦੀ ਜਾਨ ਦੀ ਕੀਮਤ ਬੱਚਾ-ਬੱਚਾ ਜਾਣਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀ ਜਾਨ ਨੂੰ ਖ਼ਤਰਾ ਆਖ ਕੇ ਪੰਜਾਬੀਆਂ ਨੂੰ ਅਪਮਾਨਿਤ ਕੀਤਾ ਹੈ ਜਦਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਚਾਲਾਂ ਨੂੰ ਸਮਝਦੇ ਹਨ। ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰਾ ਹੋਣ ਦੇ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਸਿੱਧੂ ਨੇ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਵਿਰੋਧ ਸੀ ਕਿਉਂਕਿ ਅੰਦੋਲਨ ਦੌਰਾਨ 700 ਕਿਸਾਨਾਂ ਦੀ ਮੌਤ ਹੋਣ ਕਾਰਨ ਉਹ ਗੁੱਸੇ ਵਿਚ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਨੂੰ ਅਤਿਵਾਦੀ ਵੀ ਦੱਸਿਆ ਗਿਆ ਸੀ। ਉਨ੍ਹਾਂ ਸੁਆਲ ਉਠਾਇਆ ਕਿ ਡਰਿਆ ਹੋਇਆ ਪ੍ਰਧਾਨ ਮੰਤਰੀ ਮੁਲਕ ਨੂੰ ਕਿਵੇਂ ਸੰਭਾਲ ਸਕਦਾ ਹੈ। ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਉਹ ਭਾਜਪਾ ਦਾ ਤੋਤਾ ਬਣ ਗਏ ਹਨ ਜੋ ਪਿੰਜਰੇ ਵਿਚ ਬੰਦ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦੀ ਮੰਗ ਕਰਨ ਵਾਲੇ ਤੋਤੇ ਹਨ। ਇਸ ਮੌਕੇ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਇਕ ਵੀਡੀਓ ਦਿਖਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪਹੁੰਚਣ ਵਾਲੇ ਭਾਜਪਾ ਵਰਕਰ ਸਨ ਅਤੇ ਉਹ ਆਪਣੇ ਵਰਕਰਾਂ ਤੋਂ ਹੀ ਡਰ ਗਏ ਜਦਕਿ ਅੰਦੋਲਨਕਾਰੀ ਤਾਂ ਉਨ੍ਹਾਂ ਦੇ ਨੇੜੇ ਵੀ ਨਹੀਂ ਢੁੱਕ ਸਕੇ ਸਨ।
ਚੰਨੀ ਆਪਣੀ ਜ਼ਿੰਮੇਵਾਰੀ ’ਤੇ ਧਿਆਨ ਦੇਣ: ਕੈਪਟਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਜ਼ਿੰਮੇਵਾਰੀਆਂ ਨਿਭਾਉਣ ਦਾ ਕੁਝ ਵੀ ਪਤਾ ਨਹੀਂ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਨੂੰ ਲੈ ਕੇ ਤਿੰਨੋਂ ਆਗੂਆਂ ਦੇ ਗੈਰ ਜ਼ਿੰਮੇਵਾਰੀ ਵਾਲੇ ਰਵੱਈਏ ਦੀ ਨਿੰਦਾ ਕੀਤੀ। ਕੈਪਟਨ ਨੇ ਕਿਹਾ ਕਿ ਇਹ ਆਗੂ ਜ਼ਿੰਮੇਵਾਰੀ ਲੈਣ ਦੀ ਬਜਾਏ ਜੂਨੀਅਰ ’ਤੇ ਗੱਲ ਸੁੱਟ ਦਿੰਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਆਪਣੀ ਜ਼ਿੰਮੇਵਾਰੀ ਵੱਲ ਧਿਆਨ ਦੇਣ।