‘ਸਤਲੁਜ’ ਨੂੰ ਹਟਾਉਣ ’ਚ ਭਾਜਪਾ ਦੀ ਭੂਮਿਕਾ ਨਹੀਂ: ਕੇਵਲ ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਤਖ਼ਤ ਕੇਸਗੜ੍ਹ ਸਾਹਿਬ ਮੱਥਾ ਟੇਕਿਆ; ਕਾਂਗਰਸ ’ਤੇ ਨਿਸ਼ਾਨਾ ਸੇਧਿਆ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਭਾਜਪਾ ਦੇ ਜਰਨਲ ਸਕੱਤਰ ਪਰਮਿੰਦਰ ਬਰਾੜ, ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਫ਼ਿਲਮ ‘ਸਤਲੁਜ’ ਨੂੰ ਓ ਟੀ ਟੀ ਪਲੈਟਫਾਰਮ ਤੋਂ ਹਟਾਉਣ ਵਿੱਚ ਭਾਜਪਾ ਦਾ ਕੋਈ ਰੋਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਕਮੇਟੀ ਬਣਾਈ ਗਈ ਹੈ ਤੇ ਜਲਦੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਬਦਨਾਮ ਕਰਨ ਲਈ ਵਿਰੋਧੀਆਂ ਵੱਲੋਂ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹਾ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਚੱਲ ਰਿਹਾ ਕਲੇਸ਼ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਹਮੇਸ਼ਾ ਨਿੱਜੀ ਹਿੱਤਾਂ ਅਤੇ ਕੁਰਸੀ ਦੀ ਸਿਆਸਤ ਵਿੱਚ ਉਲਝੇ ਰਹਿੰਦੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦੇ ਅਸਲ ਮੁੱਦੇ ਹਾਸ਼ੀਏ ’ਤੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਦੀ ਸਮਰੱਥਾ ਕੇਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਕੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਗੈਂਗਸਟਰਵਾਦ, ਨਸ਼ਾਖੋਰੀ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਭਾਜਪਾ ਕੋਲ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਪੱਸ਼ਟ ਨੀਤੀਆਂ ਹਨ।
‘ਪ੍ਰਧਾਨ ਮੰਤਰੀ ਦੇ ਦੌਰੇ ਮੌਕੇ ਹੋ ਸਕਦੇ ਨੇ ਵਿਸ਼ੇਸ਼ ਐਲਾਨ’
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਸੂਬੇ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਨਾਲ ਵਿਸ਼ੇਸ਼ ਲਗਾਅ ਰੱਖਦੇ ਹਨ ਅਤੇ ਇਸ ਦੌਰੇ ਦੌਰਾਨ ਸੂਬੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਜਾ ਸਕਦੇ ਹਨ।
ਭਾਜਪਾ ਪ੍ਰਧਾਨ ਨੇ ‘ਆਪ’ ਸਰਕਾਰ ਨੂੰ ਘੇਰਿਆ
ਰੂਪਨਗਰ (ਜਗਮੋਹਨ ਸਿੰਘ): ਇੱਥੇ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਦਾ ਵੱਡਾ ਇਕੱੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਨ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਨੂੰ ਬਚਾਉਣ ਲਈ ਭਾਜਪਾ ਦੇ ਹੱਥ ਮਜ਼ਬੂਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅੱਜ ਪਹਿਲਾਂ ਨਾਲੋਂ ਕਈ ਗੁਣਾ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਪੰਜਾਬ ਦੇ ਲੋਕ ਹੁਣ ਇੱੱਕ ਮਜ਼ਬੂਤ, ਇਮਾਨਦਾਰ ਅਤੇ ਵਿਕਾਸਮੁਖੀ ਸਰਕਾਰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਪੰਜਾਬ ਆਪਣੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ। ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ, ਗੈਂਗਸਟਰਵਾਦ ਨੇ ਕਾਨੂੰਨ-ਵਿਵਸਥਾ ਨੂੰ ਗੰਭੀਰ ਚੁਣੌਤੀ ਦਿੱਤੀ ਹੈ ਅਤੇ ਨਸ਼ਿਆਂ ਦਾ ਮੁੱਦਾ ਵੀ ਚਿੰਤਾਜਨਕ ਹੈ।

