ਭਾਜਪਾ ਵੱਲੋਂ ਸੂਬੇ ਵਿੱਚ ਮਾਨ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਆਤਿਸ਼ ਗੁਪਤਾ
ਪੰਜਾਬ ਵਿੱਚ ਹੜ੍ਹਾਂ ਕਰਕੇ 2300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਉਧਰ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਪਾਣੀ ਘਟਣ ਮਗਰੋਂ ਐੱਸਡੀਆਰਐੱਫ ਦੇ 12 ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਆਹਮੋ-ਸਾਹਮਣੇ ਖੜ੍ਹੀ ਹੋਈ ਹੈ। ਅੱਜ ਪੰਜਾਬ ਭਾਜਪਾ ਵੱਲੋਂ ਸੂਬੇ ਵਿੱਚ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ 12 ਹਜ਼ਾਰ ਕਰੋੜ ਰੁਪਏ ਦੇ ਫੰਡ ਖੁਰਦ-ਬੁਰਦ ਕਰਨ ਦੇ ਦੋਸ਼ ਲਗਾਏ ਹਨ। ਪੰਜਾਬ ਭਾਜਪਾ ਨੇ ਸੂਬੇ ਵਿੱਚ 361 ਥਾਵਾਂ ’ਤੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ। ਇਸ ਦੇ ਨਾਲ ਹੀ ਸੂਬਾ ਸਰਕਾਰ ਤੋਂ ਐੱਸਡੀਆਰਐੱਫ ਦੇ 12 ਹਜ਼ਾਰ ਕਰੋੜ ਰੁਪਏ ਦੇ ਫੰਡਾਂ ਦਾ ਹਿਸਾਬ-ਕਿਤਾਬ ਮੰਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡੀ ਸਹਾਇਤਾ ਜਾਰੀ ਕੀਤੀ ਹੈ, ਪਰ ਮਾਨ ਸਰਕਾਰ ਨੇ ਉਸ ਪੈਸੇ ਨੂੰ ਖੁਰਦ ਬੁਰਦ ਕਰ ਹੜ ਪ੍ਰਭਾਵਿਤ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਹੜ੍ਹ ਪੀੜਤਾਂ ਦੀ ਮਦਦ ਇਮਾਨਦਾਰੀ ਨਾਲ ਉਨ੍ਹਾਂ ਤੱਕ ਨਹੀਂ ਪਹੁੰਚਾਈ ਗਈ ਤਾਂ ਭਾਜਪਾ ਵੱਡਾ ਅੰਦੋਲਨ ਸ਼ੁਰੂ ਕਰੇਗੀ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਮਾਨ ਸਰਕਾਰ ਲੋਕਾਂ ਨੂੰ ਝੂਠੇ ਅੰਕੜਿਆਂ ਨਾਲ ਗੁੰਮਰਾਹ ਕਰ ਰਹੀ ਹੈ। ਹੜ੍ਹ ਪੀੜਤ ਲੋਕਾਂ ਦੀਆਂ ਅਸਲ ਮੁਸ਼ਕਲਾਂ ਸੁਣਨ ਦੀ ਬਜਾਏ ਮਾਨ ਸਰਕਾਰ ਸਿਰਫ਼ ਦਿਖਾਵੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਬਾ ਸਰਕਾਰ ਵੱਲੋਂ ਐੱਸਡੀਆਰਐੱਫ ਦੇ ਫੰਡਾਂ ਦਾ ਹਿਸਾਬ ਨਹੀਂ ਦਿੱਤਾ ਜਾਂਦਾ, ਉੱਦੋਂ ਤੱਕ ਭਾਜਪਾ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
