ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਚੜ੍ਹਤ ਤੋਂ ਘਬਰਾਈਆਂ ਸਿਆਸੀ ਪਾਰਟੀਆਂ ਜਾਣ-ਬੁੱਝ ਕੇ ਕਿਸਾਨਾਂ ਦੇ ਅੰਦੋਲਨਾਂ ਦੇ ਨਾਮ ’ਤੇ ਭਾਜਪਾ ਆਗੂਆਂ ਦੇ ਘਿਰਾਓ ਰਾਹੀਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਹਨ। ਇਸ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚਾਹੀਦਾ ਹੈ ਕਿ ਪੈਰਾਂ ਹੇਠੋਂ ਖਿਸਕਦੀ ਸਿਆਸੀ ਜ਼ਮੀਨ ਨੂੰ ਬਚਾਉਣ ਲਈ ਕੋਝੇ ਹੱਥਕੰਡੇ ਨਾ ਅਪਣਾਉਣ। ਮਿੱਤਲ ਨੇ ਕਿਹਾ ਕਿ ਜਿੱਥੋਂ ਤਕ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਬਿਆਨ ਦੀ ਗੱਲ ਹੈ ਤਾਂ ਉਨ੍ਹਾਂ ਸਿਰਫ ਕੇਂਦਰੀ ਲੀਡਰਸ਼ਿਪ ਨੂੰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣ ਕੇ ਹੱਲ ਕੱਢਣ ਲਈ ਬੇਨਤੀ ਕੀਤੀ ਹੈ, ਇਸ ਦਾ ਮਤਲਬ ਇਹ ਨਹੀਂ ਕਿ ਉਹ ਭਾਜਪਾ ਛੱਡ ਕੇ ਕਿਧਰੇ ਜਾ ਰਹੇ ਹਨ।