ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
‘ਆਪ’ ਨੇ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਜਪਾ ਦੀ ਨਿਖੇਧੀ ਕੀਤੀ ਹੈ। ‘ਆਪ’ ਅਨੁਸਾਰ ਪੰਜਾਬ ਵਿੱਚ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ’ਤੇ ਲੱਗੀ ਹਈ ਹੈ, ਜਦੋਂ ਕਿ ਭਾਜਪਾ ਇਹ ਸਭ ਕੁਝ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਕਿਸਾਨਾਂ ਵਿਰੁੱਧ ਬਦਲਾਖੋਰੀ ਦੀ ਸਿਆਸਤ ਕਰ ਰਹੀ ਹੈ। ਇਸੇ ਸਾਜ਼ਿਸ਼ ਤਹਿਤ ਭਾਜਪਾ ਸ਼ਾਸਿਤ ਪ੍ਰਦੇਸ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਪੰਜਾਬ ਅਤੇ ਇਸ ਦੇ ਕਿਸਾਨਾਂ ’ਤੇ ਬੇਬੁਨਿਆਦ ਦੋਸ਼ ਲਾਏ ਹਨ।