ਭਾਜਪਾ ਅੰਬੇਡਕਰ ਦੀ ਵਿਰਾਸਤ ਖ਼ਤਮ ਕਰ ਰਹੀ ਹੈ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਭਾਜਪਾ ਵੱਲੋਂ ਦੇਸ਼ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਨੂੰ ਖ਼ਤਮ ਕੀਤਾ ਜਾ ਰਿਹਾ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਪੰਜਾਬ ਵਿੱਚ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਇਥੇ ਸੈਕਟਰ-37 ਸਥਿਤ ਭੀਮ ਰਾਓ ਅੰਬੇਡਕਰ ਭਵਨ ਵਿੱਚ ਉਨ੍ਹਾਂ ਦੇ 69ਵੇਂ ਮਹਾਪ੍ਰੀਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਵੜਿੰਗ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਵਿੱਚ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਦੋਂਕਿ ਕਾਂਗਰਸ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ‘ਆਪ’ ’ਤੇ ਹਮਲਾ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਲੋਕਾਂ ਨੂੰ ਲੁਭਾਉਣ ਲਈ ਡਾ. ਅੰਬੇਡਕਰ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਵੀ ਗੱਲ ਕੀਤੀ ਜਾਂਦੀ ਹੈ ਪਰ ‘ਆਪ’ ਉਨ੍ਹਾਂ ਵੱਲੋਂ ਦਿਖਾਏ ਰਾਹ ’ਤੇ ਨਹੀਂ ਚੱਲਦੀ ਹੈ। ‘ਆਪ’ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦੀ ਡਰਾਮੇਬਾਜ਼ੀ ਕੀਤੀ ਗਈ ਹੈ, ਜਦੋਂ ਕਿ ‘ਆਪ’ ਨੇ ਸੰਵਿਧਾਨ ਦੇ ਉਲਟ ਜਾ ਕੇ ਕੰਮ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਤੇ ਪੁਲੀਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਦਕਿ ਬਾਬਾ ਸਾਹਿਬ ਅੰਬੇਡਕਰ ਦੇ ਪੈਰੋਕਾਰ ਅਜਿਹਾ ਕਦੇ ਨਹੀਂ ਕਰਨਗੇ, ਕਿਉਂਕਿ ਇਹ ਉੁਸ ਸੰਵਿਧਾਨ ਨੂੰ ਕਮਜ਼ੋਰ ਕਰਦਾ ਹੈ, ਜੋ ਉਨ੍ਹਾਂ ਨੇ ਸਾਨੂੰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸੱਤਾ ਵਿੱਚ ਹੋਵੇ ਜਾਂ ਵਿਰੋਧੀ ਧਿਰ ਵਿੱਚ, ਉਹ ਹਮੇਸ਼ਾ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦੀ ਹੈ ਅਤੇ ਵਿਰੋਧੀਆਂ ਤੋਂ ਇਸ ਦੀ ਰੱਖਿਆ ਵੀ ਕਰ ਰਹੀ ਹੈ। ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਗਿਆ ਹੈ ਪਰ ਕੁਝ ਲੋਕ ਲਗਾਤਾਰ ਸੰਵਿਧਾਨ ’ਤੇ ਹਮਲੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਸੰਵਿਧਾਨ ’ਤੇ ਹਮਲਾ ਕਰਨ ਵਾਲਿਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੰਵਿਧਾਨ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।
ਸੰਵਿਧਾਨ ਦੀ ਰੱਖਿਆ ਲਈ ਲੜਨ ਦੀ ਲੋੜ: ਪਰਗਟ ਸਿੰਘ
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਅੱਜ ਸਾਰਿਆਂ ਨੂੰ ਡਾ. ਅੰਬੇਡਕਰ ਦੇ ਬੁੱਤ ਦੇ ਨਾਲ-ਨਾਲ ਉਨ੍ਹਾਂ ਦੀ ਵਿਚਾਰਧਾਰਾ ਤੇ ਸੰਵਿਧਾਨ ਦੇ ਆਦਰਸ਼ਾਂ ਨੂੰ ਫੁੱਲ ਭੇਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸੰਵਿਧਾਨ ’ਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ ਪਰ ਅੱਜ ਲੋਕ ਸੰਵਿਧਾਨ ਦੀ ਰੱਖਿਆ ਕਰਨ ਜਾਂ ਵੋਟ ਚੋਰੀ ਨੂੰ ਰੋਕਣ ਵਿੱਚ ਅਸਫ਼ਲ ਹਨ। ਅੱਜ ਡਾ. ਅੰਬੇਡਕਰ ਦੇ 69ਵੇਂ ਮਹਾਪ੍ਰੀਨਿਰਵਾਣ ਦਿਵਸ ਮੌਕੇ ਹਰ ਕੋਈ ਉਨ੍ਹਾਂ ਦੇ ਬੁੱਤ ਅਤੇ ਫੋਟੋ ਨੂੰ ਹਾਰ ਪਾ ਕੇ ਸ਼ਰਧਾਂਜਲੀ ਦੇ ਰਿਹਾ ਹੈ। ਫੁੱਲ ਚੜ੍ਹਾਉਣ ਅਤੇ ਫੋਟੋਆਂ ਖਿਚਵਾਉਣ ਤੋਂ ਬਾਅਦ ਅਸੀਂ ਉਨ੍ਹਾਂ ਦੇ ਆਦਰਸ਼ਾਂ ਅਤੇ ਵਿਚਾਰਾਂ ਨੂੰ ਪਿੱਛੇ ਛੱਡ ਦਿੰਦੇ ਹਾਂ।
