ਕਿਸਾਨਾਂ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਪਖੰਡ ਕਰ ਰਹੀ ਹੈ ਭਾਜਪਾ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ’ਤੇ ਭਾਜਪਾ ਵੱਲੋਂ ਜਸ਼ਨ ਮਨਾਏ ਜਾਣ ਨੂੰ ਪਖੰਡ ਕਰਾਰ ਦਿੱਤਾ ਹੈ। ਸ੍ਰੀ ਵੜਿੰਗ ਨੇ ਅੱਜ ਭਾਜਪਾ ਵੱਲੋਂ ਰਾਜਪੁਰਾ ਵਿੱਚ ਕੀਤੀ ਗਈ ਰੈਲੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਅਤੇ ਕਾਂਗਰਸ ਪਾਰਟੀ ਨੇ ਵੱਡੇ ਪੱਧਰ ’ਤੇ ਸੰਘਰਸ਼ ਕੀਤੇ ਹਨ, ਜਿਸ ਕਰਕੇ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ। ਇਸ ਸੰਘਰਸ਼ ਵਿੱਚ ਭਾਜਪਾ ਦਾ ਕੋਈ ਯੋਗਦਾਨ ਨਹੀਂ ਹੈ, ਪਰ ਫਿਰ ਵੀ ਭਾਜਪਾ ਇਸ ਸੰਘਰਸ਼ ਦੀ ਜਿੱਤ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਭਾਜਪਾ ਤੇ ਆਮ ਆਦਮੀ ਪਾਰਟੀ ਆਪਸ ਵਿੱਚ ਫਿਕਸ ਮੈਚ ਖੇਡ ਕੇ ਇੱਕ-ਦੂਜੇ ਦੀ ਮਦਦ ਕਰਦੇ ਆ ਰਹੇ ਹਨ। ਸ੍ਰੀ ਵੜਿੰਗ ਨੇ ਕਿਹਾ ਕਿ ਭਾਜਪਾ ਅੱਜ ਕਿਸਾਨ ਹਿਤੈਸ਼ੀ ਬਣਨ ਦੀ ਡਰਾਮੇਬਾਜ਼ੀ ਕਰ ਰਹੀ ਹੈ ਜਦੋਂਕਿ ਭਾਜਪਾ ਨੇ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਰਾਹੀਂ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਤਿੰਨ ਕਾਨੂੰਨਾਂ ਦਾ ਵਿਰੋਧ ਕੀਤਾ ਤਾਂ ਭਾਜਪਾ ਨੇ ਦਿੱਲੀ ਦੀਆਂ ਬਰੂਹਾਂ ’ਤੇ 13 ਮਹੀਨੇ ਸੰਘਰਸ਼ ’ਤੇ ਬੈਠੇ ਕਿਸਾਨਾਂ ’ਤੇ ਤਸ਼ੱਦਦ ਕੀਤਾ, ਜਿਸ ਨੂੰ ਕਿਸਾਨ ਅਤੇ ਪੰਜਾਬ ਦੇ ਲੋਕ ਕਦੇ ਵੀ ਭੁਲਾ ਨਹੀਂ ਸਕਦੇ।