ਜ਼ਮੀਨ ਖੋਹ ਕੇ ਪੂੰਜੀਪਤੀਆਂ ਨੂੰ ਦੇ ਰਹੀ ਹੈ ਭਾਜਪਾ: ਰੁਲਦੂ ਸਿੰਘ
ਯੂੀ ਪੀ ’ਚ ਕਾਨਫਰੰਸ; ਖੇਤੀ ਸੰਕਟ ਦਾ ਮੁਕਾਬਲਾ ਕਰਨ ਲਈ ਇਨਕਲਾਬੀ ਕਿਸਾਨ ਅੰਦੋਲਨ ਵਿੱਢਣ ਦਾ ਫ਼ੈਸਲਾ
ਜੋਗਿੰਦਰ ਸਿੰਘ ਮਾਨ
ਕਿਸਾਨ ਮਹਾਂਸਭਾ ਵੱਲੋਂ ਉੱਤਰ ਪ੍ਰਦੇਸ਼ (ਯੂ ਪੀ) ਦੇ ਗਾਜ਼ੀਪੁਰ ਵਿੱਚ ਕੌਮੀ ਕਾਨਫਰੰਸ ਕਰਵਾਈ ਗਈ। ਮੁੱਖ ਬੁਲਾਰੇ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਅਤੇ ਯੂ ਪੀ ਸਰਕਾਰਾਂ ਨੇ ਖੇਤੀਬਾੜੀ ਖੇਤਰ ਨੂੰ ਭਿਆਨਕ ਸੰਕਟ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਪੂੰਜੀਪਤੀਆਂ ਨੂੰ ਦੇ ਰਹੀਆਂ ਹਨ।
ਇਸ ਕਾਨਫਰੰਸ ਦੌਰਾਨ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ 200 ਡੈਲੀਗੇਟਾਂ ਨੇ ਹਿੱਸਾ ਲਿਆ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਦੇਸ਼ ਦੀ ਦੋ ਤਿਹਾਈ ਆਬਾਦੀ ਖੇਤੀਬਾੜੀ ’ਤੇ ਨਿਰਭਰ ਹੈ। ਖੇਤੀਬਾੜੀ ਸੰਕਟ ਕਿਸਾਨਾਂ ਵਿੱਚ ਪਰਵਾਸ, ਉਦਾਸੀ ਅਤੇ ਖ਼ੁਦਕੁਸ਼ੀਆਂ ਨੂੰ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਏ ਟੈਰਿਫ ਅੱਗੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਪਣ ਨੇ ਪਹਿਲਾਂ ਹੀ ਗੰਭੀਰ ਖੇਤੀਬਾੜੀ ਸੰਕਟ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਰਯਾਤ ’ਚ ਗਿਰਾਵਟ ਖੇਤੀਬਾੜੀ-ਆਧਾਰਿਤ ਉਦਯੋਗਾਂ ਨੂੰ ਤਬਾਹ ਕਰ ਦੇਵੇਗੀ ਜਿਸ ਨਾਲ ਬੇਰੁਜ਼ਗਾਰੀ ਵਧੇਗੀ। ਕਿਸਾਨ ਆਗੂ ਨੇ ਦੱਸਿਆ ਕਿ ਕਾਨਫਰੰਸ ਵੱਲੋਂ ਪਾਸ ਕੀਤੇ ਰਾਜਨੀਤਕ ਮਤਿਆਂ ਨੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਵਿੱਚ ਫ਼ਿਰਕੂ ਧਰੁਵੀਕਰਨ ਪੈਦਾ ਕਰ ਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਪਰਦਾਫ਼ਾਸ਼ ਕੀਤਾ ਅਤੇ ਕਿਸਾਨਾਂ ਦੇ ਮੁੱਦਿਆਂ ’ਤੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ।
ਕਾਨਫਰੰਸ ਦੌਰਾਨ 53 ਮੈਂਬਰੀ ਰਾਜ ਪਰਿਸ਼ਦ ਦੀ ਚੋਣ ਕੀਤੀ। ਇਸ ਵਿੱਚ ਨਿਗਰਾਨ ਵਜੋਂ ਕਿਸਾਨ ਆਗੂ ਰੁਲਦੂ ਸਿੰਘ ਤੇ ਕੌਮੀ ਸਕੱਤਰ ਵਜੋਂ ਗੁਰਨਾਮ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।