ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜਨਵਰੀ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਕੇਂਦਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਭੇਜੇ ਨੋਟਿਸਾਂ ਨੇ ਕੇਂਦਰ ਸਰਕਾਰ ਦੀ ਘਟੀਆ ਦਰਜੇ ਦੀ ਰਾਜਨੀਤੀ ਨੂੰ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਖ਼ਿਲਾਫ਼ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐੱਨਡੀਏ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਮੁਸ਼ੱਕਤ ਨਾਲ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਇਨ੍ਹਾਂ ਫੋਕੇ ਡਰਾਵਿਆਂ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਕੀਤੇ ਹਾ ਰਹੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਭਾਜਪਾ ਸਰਕਾਰ ਵੱਲੋਂ ਚੱਲੀ ਗਈ ਇਹ ਕੋਝੀ ਚਾਲ ਹੈ।