ਭਾਜਪਾ ਆਗੂ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ
ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ’ਤੇ ਆਏ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਬਲੂਆਣਾ ਦੇ ਸੀਨੀਅਰ ਭਾਜਪਾ ਆਗੂ ਅੰਗਰੇਜ਼ ਕੁਮਾਰ ਮੇਘਵਾਲ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਦੌਰਾਨ ਅੰਗਰੇਜ਼ ਕੁਮਾਰ ਮੇਘਵਾਲ ਨੇ ਅਨੁਸੂਚਿਤ ਜਾਤੀ ’ਤੇ ਹੋ ਰਹੇ ਅੱਤਿਆਚਾਰਾਂ, ਵਿਤਕਰੇ ਅਤੇ ਪ੍ਰਸ਼ਾਸਨਿਕ ਅਣਗਹਿਲੀ ਦੇ ਮਾਮਲਿਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬੱਲੂਆਣਾ ਵਿਧਾਨ ਸਭਾ ਹਲਕੇ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਮੇਘਵਾਲ ਭਾਈਚਾਰੇ ਦੀ ਆਬਾਦੀ ਅਤੇ ਵੋਟ ਹਿੱਸੇਦਾਰੀ ਸਭ ਤੋਂ ਵੱਧ ਹੈ। ਇਸ ਦੇ ਬਾਵਜੂਦ, ਭਾਈਚਾਰੇ ਵਿਰੁੱਧ ਅੱਤਿਆਚਾਰ ਅਤੇ ਜ਼ੁਲਮ ਲਗਾਤਾਰ ਵਧ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਨਾ ਤਾਂ ਭਾਈਚਾਰੇ ਦੀ ਗੱਲ ਸੁਣਦਾ ਹੈ ਅਤੇ ਨਾ ਹੀ ਇਨਸਾਫ਼ ਕਰਦਾ ਹੈ। ਇਸ ਦੀ ਬਜਾਏ, ਜਦੋਂ ਭਾਈਚਾਰਾ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ, ਤਾਂ ਪ੍ਰਸ਼ਾਸਨ ਉਨ੍ਹਾਂ ਵਿਰੁੱਧ ਕਾਰਵਾਈ ਕਰਦਾ ਹੈ। ਉਨ੍ਹਾਂ ਇਸ ਸਬੰਧੀ ਅੱਤਿਆਚਾਰਾਂ ਨਾਲ ਸਬੰਧਤ ਫਾਈਲਾਂ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਸੌਂਪੀਆਂ ਅਤੇ ਉਨ੍ਹਾਂ ਨੂੰ ਮਾਮਲੇ ਦਾ ਨੋਟਿਸ ਲੈਣ ਅਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗਣ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਇਸ ਸਬੰਧੀ ਕਾਰਵਾਈ ਦਾ ਭਰੋਸਾ ਦਿੱਤਾ।