ਪਾਲ ਸਿੰਘ ਨੌਲੀ
ਜਲੰਧਰ, 8 ਫਰਵਰੀ
ਜ਼ਿਲ੍ਹੇ ਦੇ ਪਿੰਡਾਂ ਵਿੱਚ ਭਾਜਪਾ ਅਤੇ ਆਰਐੱਸਐੱਸ ਦੇ ਆਗੂਆਂ ਦੇ ਦਾਖਲ ਹੋਣ ਦੀ ਮਨਾਹੀ ਸਬੰਧੀ ਬੋਰਡ ਲੱਗਣੇ ਸ਼ੁਰੂ ਹੋ ਗਏ ਹਨ। ਇਸ ਤਹਿਤ ਜਲੰਧਰ ਛਾਉਣੀ ਦੇ ਨਾਲ ਲੱਗਦੇ ਪਿੰਡ ਜਮਸ਼ੇਰ ਵਿੱਚ ਕਈ ਥਾਵਾਂ ’ਤੇ ਕਿਸਾਨ ਆਗੂਆਂ ਵੱਲੋਂ ਅਜਿਹੇ ਬੋਰਡ ਲਾ ਦਿੱਤੇ ਗਏ ਹਨ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿਸਾਨ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਧਰਨਾ ਲਾ ਕੇ ਬੈਠੇ ਹਨ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਵੀ ਸੁਣਵਾਈ ਨਹੀਂ ਕਰ ਰਹੀ। ਪਿੰਡ ਦੇ ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨ ਦੇਸ਼ ਦੇ ਕਿਸਾਨਾਂ ਦੀ ਜ਼ਮੀਨ ਖੋਹ ਲੈਣਗੇ ਤੇ ਉਨ੍ਹਾਂ ਨੂੰ ਆਪਣੀ ਹੀ ਜ਼ਮੀਨ ਵਿਚ ਦਿਹਾੜੀਦਾਰ ਵਜੋਂ ਕੰਮ ਕਰਨ ਲਈ ਮਜਬੂਰ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਦੋਵੇਂ ਪਾਸੇ ਮੁੱਖ ਸੜਕ ’ਤੇ ਇਹ ਬੋਰਡ ਲਾਏ ਗਏ ਹਨ।