ਪ੍ਰਦਰਸ਼ਨ ਕਰਨ ਜਾਂਦੇ ਭਾਜਪਾ ਆਗੂ ਹਿਰਾਸਤ ’ਚ ਲਏ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਪੱਖੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਅੱਜ ਆਪਣੇ ਸਮਰਥਕਾਂ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਕੁਝ ਦੂਰੀ ’ਤੇ ਹੀ ਪੁਲੀਸ ਨੇ ਰੋਕ ਲਿਆ। ਇਸ ਦੌਰਾਨ ਡਾ. ਜਗਮੋਹਨ ਰਾਜੂ ਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ ਅਤੇ ਪੁਲੀਸ ਨੇ ਡਾ. ਰਾਜੂ ਨੂੰ ਉਨ੍ਹਾਂ ਦੇ ਸਮਰਥਕਾਂ ਸਣੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਧਾਰਮਿਕ, ਵਿਦਿਆਰਥੀ ਅਤੇ ਸਮਾਜਿਕ ਸੰਸਥਾਵਾਂ ਨੇ ਮੈਂਬਰ ਮੌਜੂਦ ਰਹੇ। ਡਾ. ਰਾਜੂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਅੰਮ੍ਰਿਤਸਰ ਨੂੰ ਹਰਿਦੁਆਰ, ਅਯੋਧਿਆ ਤੇ ਦੁਆਰਕਾ ਵਾਂਗ ‘ਪਵਿੱਤਰ ਸ਼ਹਿਰ’ ਐਲਾਨਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਭਗਵੰਤ ਮਾਨ ਸਰਕਾਰ ਵੱਲੋਂ ਦਾਖਲ ਕੀਤੇ ਗਏ ਉਸ ਹਲਫ਼ਨਾਮੇ ਦੀ ਆਲੋਚਨਾ ਕੀਤੀ, ਜਿਸ ਵਿੱਚ ਇਨ੍ਹਾਂ ਮੰਗਾਂ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਭਾਜਪਾ ਆਗੂ ਨੇ ਪ੍ਰਦਰਸ਼ਨ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿੱਖ ਕੇ 10-11 ਜੁਲਾਈ ਨੂੰ ਹੋਏ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਅਸਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ’ਤੇ ਰੋਸ ਜ਼ਾਹਿਰ ਕੀਤਾ ਸੀ। ਭਾਜਪਾ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਜ਼ੋਰਾਂ ’ਤੇ ਚੱਲ ਰਹੀ ਹੈ, ਜਿਸ ਕਰਕੇ ਪਿੰਡਾਂ ਦੇ ਪਿੰਡ ਤਬਾਹ ਹੋ ਰਹੇ ਹਨ। ਪੰਜਾਬ ਦੀ ‘ਆਪ’ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਨੱਥ ਪਾਉਣ ਵਿੱਚ ਬਿਲਕੁੱਲ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਹੀ ਢੰਗ ਨਾਲ ਕਾਰਵਾਈ ਕਰੇ।