ਦਵਿੰਦਰ ਪਾਲ
ਚੰਡੀਗੜ੍ਹ, 24 ਜੁਲਾਈ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਦੌਰਾਨ ਬੁਲਾਰਿਆਂ ਦੇ ਨਿਸ਼ਾਨੇ ’ਤੇ ਅੱਜ ਭਾਜਪਾ ਅਤੇ ਕਾਂਗਰਸ ਦੇ ਆਗੂ ਰਹੇ।
ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹੱਠਧਰਮੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣਾ ਮਨੁੱਖਤਾ ਅਤੇ ਸੰਵਿਧਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 600 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਅੰਦੋਲਨ ਦੇ ਲੇਖੇ ਲਾ ਚੁੱਕੇ ਹਨ ਪਰ ਕੇਂਦਰੀ ਮੰਤਰੀ ਵੱਲੋਂ ਕਿਸਾਨਾਂ ਦੀਆਂ ਕੁਰਬਾਨੀਆਂ ਪ੍ਰਤੀ ਅੱਖਾਂ ਮੀਚਣ ਤੋਂ ਸਾਬਤ ਹੁੰਦਾ ਹੈ ਕਿ ਇਹ ਪਾਰਟੀ ਭਾਰਤ ਵਰਗੇ ਮੁਲਕ ’ਤੇ ਰਾਜ ਕਰਨ ਦੇ ਕਾਬਲ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਮੇਤ ਭਾਜਪਾ ਆਗੂਆਂ ਦਾ ਰਵੱਈਆ ਤਾਨਾਸ਼ਾਹ ਵਾਲਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤੀ ਮੰਤਰੀ ਦਾ ਬਿਆਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ ਉਪਰ ਲੂਣ ਛਿੜਕਣ ਤੋਂ ਘੱਟ ਨਹੀਂ ਹੈ। ਸ਼ਹੀਦ ਹੋਏ ਕਿਸਾਨਾਂ ਬਾਰੇ ਅੰਕੜੇ, ਸੰਯੁਕਤ ਕਿਸਾਨ ਮੋਰਚੇ ਦੇ ਬਲੌਗ ਸਮੇਤ, ਕਈ ਸਰੋਤਾਂ ਤੋਂ ਲਏ ਜਾ ਸਕਦੇ ਸਨ ਪਰ ਸਰਕਾਰ ਦੀ ਨੀਅਤ ਸਾਫ ਨਹੀਂ।
ਆਗੂਆਂ ਨੇ ਕਿਹਾ ਕਿ ਜੇਕਰ ਲੋਕ ਕੁਰਸੀ ’ਤੇ ਬਿਠਾ ਸਕਦੇ ਹਨ ਤਾਂ ਕੁਰਸੀ ਤੋਂ ਲਾਹ ਵੀ ਸਕਦੇ ਹਨ ਤੇ ਦੁਨੀਆ ਦੇ ਵੱਡੇ ਤੋਂ ਵੱਡੇ ਤਾਨਾਸ਼ਾਹ ਦਾ ਹਸ਼ਰ ਵੀ ਅੰਤ ਨੂੰ ਮਾੜਾ ਹੀ ਹੋਇਆ ਹੈ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਜਾਰੀ ‘ਲੋਕ ਵ੍ਹਿਪ’ ਨੂੰ ਨਜ਼ਰਅੰਦਾਜ਼ ਕਰਕੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਨੂੰ ਤਰਜੀਹ ਦਿੱਤੀ, ਜਿਸ ਤੋਂ ਕਾਂਗਰਸ ਦੀ ਕਿਸਾਨ ਵਿਰੋਧੀ ਸੋਚ ਸਪੱਸ਼ਟ ਹੋ ਗਈ ਹੈ।
ਖੇਤੀਬਾੜੀ ਮੰਤਰੀ ਤੋਮਰ ਮੁਆਫ਼ੀ ਮੰਗਣ: ਹਰਸਿਮਰਤ
ਚੰਡੀਗੜ੍ਹ: ਸ਼੍ਰ੍ੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਵੱਲੋਂ ਦਿੱਲੀ ਦੀਆਂ ਹੱਦਾਂ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ 550 ਕਿਸਾਨਾਂ ਦੀ ਸ਼ਹਾਦਤ ਹੋਣ ਨੂੰ ਮਨੁੱਖੀ ਤ੍ਰਾਸਦੀ ਮੰਨਣ ਤੋਂ ਇਨਕਾਰ ਕਰਨ ਦੀ ਨਿਖੇਧੀ ਕੀਤੀ ਹੈ। ਪਾਰਟੀ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਇਸ ਮਾਮਲੇ ’ਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਕਿਸਾਨ ਭਾਈਚਾਰੇ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਸ ਹਾਲਤ ਲਈ ਜ਼ਿੰਮੇਵਾਰ ਹੈ।