ਚਰਨਜੀਤ ਭੁੱਲਰ
ਚੰਡੀਗੜ੍ਹ, 22 ਜੁਲਾਈ
ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਅਤੇ ਸੀਨੀਅਰ ਆਗੂਆਂ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਹਦਾਇਤ ਕਰ ਦਿੱਤੀ ਹੈ ਕਿ ਭਾਜਪਾ ਵਿਧਾਇਕ ਅਰੁਣ ਨਾਰੰਗ ਅਤੇ ਹੋਰ ਸੀਨੀਅਰ ਆਗੂਆਂ ਨੂੰ ਪੰਜਾਬ ਹਰਿਆਣਾ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਢੁਕਵੀਂ ਸੁਰੱਖਿਆ ਮੁਹੱਈਆ ਕਰਾਈ ਜਾਵੇ। ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖੇ ਗਏ ਹਨ। ਸੂਤਰਾਂ ਅਨੁਸਾਰ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ 18 ਅਪਰੈਲ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਸੁਰੱਖਿਆ ਦੀ ਮੰਗ ਕੀਤੀ ਸੀ ਕਿਉਂਕਿ 27 ਮਾਰਚ ਨੂੰ ਮਲੋਟ ਵਿੱਚ ਉਸ ਦੀ ਖਿੱਚ-ਧੂਹ ਹੋਈ ਸੀ ਜਿਸ ਵਿਚ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ। ਗ੍ਰਹਿ ਮੰਤਰਾਲੇ ਨੇ ਜੋ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜਿਆ ਹੈ, ਉਸ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਇਹ ਮਾਮਲਾ ਕੇਂਦਰੀ ਏਜੰਸੀਆਂ ਨਾਲ ਵਿਚਾਰਿਆ ਗਿਆ ਅਤੇ ਕਿਧਰੋਂ ਵੀ ਅਰੁਣ ਨਾਰੰਗ ਨੂੰ ਵਿਸ਼ੇਸ਼ ਖ਼ਤਰਾ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਏਨਾ ਜ਼ਰੂਰ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਕਰਕੇ ਪੰਜਾਬ ਅਤੇ ਹਰਿਆਣਾ ਵਿਚ ਭਾਜਪਾ ਵਿਧਾਇਕ ਨੂੰ ਖ਼ਤਰਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਗ੍ਰਹਿ ਵਿਭਾਗ ਨੇ ਅਰੁਣ ਨਾਰੰਗ ਮਾਮਲੇ ਵਿਚ ਸਪੱਸ਼ਟ ਕੀਤਾ ਹੈ ਕਿ ਇਹ ਲਾਅ ਐਂਡ ਆਰਡਰ ਦਾ ਮਾਮਲਾ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਢੁਕਵੀਂ ਸੁਰੱਖਿਆ ਯਕੀਨੀ ਬਣਾਏ ਜਾਣ ਲਈ ਹਦਾਇਤ ਕਰਦਿਆਂ ਹੋਰਨਾਂ ਭਾਜਪਾ ਆਗੂਆਂ ਦੀ ਸੁਰੱਖਿਆ ਦੀ ਵੀ ਗੱਲ ਕੀਤੀ ਹੈ। ਪੰਜਾਬ ਭਾਜਪਾ ਦੇ ਆਗੂਆਂ ਦਾ ਵਫ਼ਦ ਦੋ ਵਾਰ ਰਾਜਪਾਲ ਪੰਜਾਬ ਨੂੰ ਵੀ ਮੰਗ ਪੱਤਰ ਦੇ ਚੁੱਕਿਆ ਹੈ। ਰਾਜਪਾਲ ਨੇ ਇਨ੍ਹਾਂ ਘਟਨਾਵਾਂ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਤਲਬ ਕੀਤੀ ਸੀ।ਵਿਧਾਇਕ ਅਰੁਣ ਨਾਰੰਗ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੁਰੱਖਿਆ ਬਾਰੇ ਲਿਖਿਆ ਸੀ ਜਿਸ ਮਗਰੋਂ ਪੰਜਾਬ ਪੁਲੀਸ ਨੇ ਦੋ ਕਮਾਂਡੋਜ਼ ਹੋਰ ਤਾਇਨਾਤ ਕਰ ਦਿੱਤੇ ਸਨ। ਉਨ੍ਹਾਂ ਨੇ ਗ੍ਰਹਿ ਮੰਤਰਾਲੇ ਤੋਂ ਸਿਰਫ਼ ਸੁਰੱਖਿਆ ਦੀ ਮੰਗ ਕੀਤੀ ਸੀ।