ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 1 ਅਪਰੈਲ
ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਵਿੱਚੋਂ ਕਿਸੇ ਨੇ ਕਦੇ ਵੀ ਦਿੱਲੀ ਬਾਰਡਰ ’ਤੇ ਧਰਨਾ ਦੇ ਰਹੇ ਜਾਂ 26 ਜਨਵਰੀ ਦੀ ਕਿਸਾਨ ਪਰੇਡ ਅਤੇ ਉਸ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਖਾਲਿਸਤਾਨੀ ਜਾਂ ਅਤਿਵਾਦੀ ਨਹੀਂ ਗਰਦਾਨਿਆ। ਉਨ੍ਹਾਂ ਇਹ ਇੰਕਸ਼ਾਫ ਵੀ ਕੀਤਾ ਕਿ ਪੰਜਾਬ ਭਾਜਪਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਬਣਿਆ ਗਤੀਰੋਧ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਅੱਜ ਇਥੇ ਭਾਜਪਾ ਸ਼ਹਿਰੀ ਦੇ ਪ੍ਰਧਾਨ ਹਰਿੰਦਰ ਕੋਹਲੀ ਦੀ ਰਿਹਾਇਸ਼ ’ਤੇ ਸਖ਼ਤ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਪ੍ਰੈੱਸ ਕਾਨਫਰੰਸ ਮੌਕੇ ਮਾਲਵਾ ਜ਼ੋਨ ਦੇ ਇੰਚਾਰਜ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਨੇ ਕਦੇ ਵੀ ਸਿੱਖਾਂ ਦੀ ਬਦਨਾਮੀ ਨਹੀਂ ਕੀਤੀ ਅਤੇ ਸਿੱਖ ਅਜਿਹੀ ਕੌਮ ਹੈ ਜੋ ਦੇਸ਼ ਵਾਸਤੇ ਆਪਣੀ ਜਾਨ ਵਾਰਨ ਵਾਸਤੇ ਹਮੇਸ਼ਾ ਤਿਆਰ ਰਹਿੰਦੀ ਹੈ। ਸਿੱਖਾਂ ਨੂੰ ਭਾਜਪਾ ਤੋਂ ਦੂਰ ਕਰਨ ਵਾਸਤੇ ਜਾਣਬੁੱਝ ਕੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਜਦਕਿ ਸਿੱਖ ਭਾਈਚਾਰਾ ਵੱਡੀ ਪੱਧਰ ’ਤੇ ਭਾਜਪਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸੇ ਵੀ ਸਮੇਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਤੇ ਪੰਜਾਬ ਭਾਜਪਾ ਵੱਲੋਂ ਵੀ ਯਤਨ ਕੀਤੇ ਜਾ ਰਹੇ ਹਨ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੈਦਾ ਹੋਇਆ ਗਤੀਰੋਧ ਅਤੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਖਤਮ ਹੋਵੇ।
ਗੁਪਤਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਹਮਲੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਝੂਠ ਬੋਲ ਰਹੇ ਹਨ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਦੇ 85 ਫ਼ੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ।