ਗਗਨਦੀਪ ਅਰੋੜਾ
ਲੁਧਿਆਣਾ, 11 ਫਰਵਰੀ
ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ’ਚ ਸਿੱਖ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਗ ਵਾਲੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਸਿੱਖ ਵੋਟਰਾਂ ਨੂੰ ਇਹ ਪਾਰਟੀ ਆਪਣੀ ਲੱਗੇ।
ਲੁਧਿਆਣਾ ਵਿਚ ਭਾਜਪਾ ਨੇ ਕਈ ਥਾਵਾਂ ’ਤੇ ਪ੍ਰਧਾਨ ਮੰਤਰੀ ਦੀ ਪੱਗ ਬੰਨ੍ਹ ਕੇ ਖਿਚਵਾਈ ਤਸਵੀਰ ਵਾਲੇ ਪੋਸਟਰ ਲਾਏ ਹਨ।
ਭਾਜਪਾ ਪ੍ਰਧਾਨ ਮੰਤਰੀ ਦੇ ਨਾਮ ’ਤੇ ਵੋਟਾਂ ਮੰਗ ਰਹੀ ਹੈ ਤੇ ਲੋਕਾਂ ਨੂੰ ਭਰੋਸਾ ਦਿਵਾ ਰਹੀ ਹੈ ਕਿ ਭਾਜਪਾ ਦੀ ਸਰਕਾਰ ਹੀ ਵਿਕਾਸ ਕਰਵਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਤਿਆਰ ਕੀਤੇ ਗਏ ਖੇਤੀ ਕਾਨੂੰਨਾਂ ਕਾਰਨ ਪੰਜਾਬ ਦੇ ਕਿਸਾਨ-ਮਜ਼ਦੂਰ ਵਰਗ ਵੱਲੋਂ ਲਗਾਤਾਰ ਭਾਜਪਾ ਤੇ ਮੋਦੀ ਸਰਕਾਰ ਦਾ ਵਿਰੋਧ ਕੀਤਾ ਗਿਆ ਹੈ ਤੇ ਹਾਲੇ ਵੀ ਕੀਤਾ ਜਾ ਰਿਹਾ ਹੈ।
ਵਰਚੁਅਲ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬੀ ’ਚ ਸ਼ੁਰੂ ਕੀਤਾ ਭਾਸ਼ਣ
ਬੀਤੇ ਦਿਨੀਂ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬੀ ਬੋਲੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਿੱਖਾਂ ਦੀ ਕਾਫ਼ੀ ਤਾਰੀਫ਼ ਕੀਤੀ ਤੇ ਪੰਜਾਬ ਪੰਜਾਬੀਅਤ ਨੂੰ ਬਚਾਉਣ ਦੀ ਗੱਲ ਵੀ ਕਹੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਤੇ ਅੰਤ ’ਚ ਸ੍ਰੀ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ਨਾਲ ਆਪਣਾ ਭਾਸ਼ਣ ਸਮਾਪਤ ਕੀਤਾ।