ਭਾਜਪਾ ਪੰਜਾਬ ’ਚ ਤਬਦੀਲੀ ਲਿਆਉਣ ਲਈ ਤਿਆਰ: ਢਿੱਲੋਂ
‘ਮਨ ਕੀ ਬਾਤ’ ਸੁਣੀ; ਸਰਕਾਰ ਨੇ ਸੂਬੇ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ: ਮਨਪ੍ਰੀਤ ਬਾਦਲ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰ ਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।
ਕੇਵਲ ਸਿੰਘ ਢਿੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਲਈ ਪਾਰਟੀ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਝੰਜੇੜੀ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪਾਰਟੀ ਦੇ ਕੌਮੀ ਆਗੂ ਮਨਪ੍ਰੀਤ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਹੋਰ ਲੀਡਰ ਵੀ ਮੌਜੂਦ ਸੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਭਾਜਪਾ ਪੰਜਾਬ ਵਿਚ ਸਾਰੇ ਹਲਕਿਆਂ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ‘ਆਪ’ ਸਰਕਾਰ ਤੋਂ ਬਹੁਤ ਤੰਗ ਹਨ ਅਤੇ 2027 ਦੀ ਚੋਣ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿੱਚ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਸ ਮੌਕੇ ਉਨ੍ਹਾਂ ਦਾ ਸਥਾਨਕ ਆਗੂਆਂ ਵੱਲੋਂ ਸਨਮਾਨ ਵੀ ਕੀਤਾ ਗਿਆ। ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਦਿੱਤਾ ਹੈ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

