ਭਾਜਪਾ ਪੰਜਾਬ ’ਚ ਸਾਰੀਆਂ ਸੀਟਾਂ ’ਤੇ ਇਕੱਲੇ ਚੋਣ ਲੜਨ ਲਈ ਤਿਆਰ: ਅਸ਼ਵਨੀ ਸ਼ਰਮਾ
ਆਤਿਸ਼ ਗੁਪਤਾ
ਪੰਜਾਬ ਵਿੱਚ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਅੱਜ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਨਾ ਨੇ ਸਪਸ਼ਟ ਕੀਤਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸੀਟਾਂ ’ਤੇ ਇਕੱਲੇ ਚੋਣ ਲੜਨ ਲਈ ਤਿਆਰ ਹੈ। ਇਸ ਦੌਰਾਨ ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਆਤਮ ਚਿੰਤਨ ਕਰਨ ਦੀ ਲੋੜ ਹੈ, ਉਨ੍ਹਾਂ ਨੂੰ ਦੂਜਿਆਂ ’ਤੇ ਇਲਜ਼ਾਮ ਲਾਉਣ ਦੀ ਥਾਂ ਆਪਣੇ ਘਰ ਨੂੰ ਠੀਕ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੇ ਆਪਣੇ ਘਰ ਵੱਲ ਧਿਆਨ ਦਿੱਤਾ ਹੁੰਦਾ ਤਾਂ ਅੱਜ ਇਹ ਹਾਲਾਤ ਨਾ ਵੇਖਣੇ ਪੈਂਦੇ। ਲੈਂਡ ਪੂਲਿੰਗ ਨੀਤੀ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਕਿਸੇ ਹੋਰ ਢੰਗ ਨਾਲ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰੇਗੀ, ਕਿਉਂਕਿ ਉਨ੍ਹਾਂ ਨੇ ਸਿਰਫ਼ 14 ਮਈ 2025 ਨੂੰ ਘੋਸ਼ਿਤ ਕੀਤੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਿਆ ਹੈ, ਨਾ ਕਿ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਦੀ ਮਨਸ਼ਾ ਨੂੰ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤ ਵਿੱਚ ਵਾਪਸ ਨਹੀਂ ਲਈ, ਸਗੋਂ ਹਾਈਕੋਰਟ ਦੇ ਆਦੇਸ਼ਾਂ ਦੇ ਡਰ ਤੋਂ ਵਾਪਸ ਲਈ ਹੈ।