ਪੱਤਰ ਪ੍ਰੇਰਕ
ਚੰਡੀਗੜ੍ਹ, 8 ਜਨਵਰੀ
ਸੀਪੀਆਈ ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ, ਨੈਸ਼ਨਲ ਕੌਂਸਲ ਮੈਂਬਰ ਭੁਪਿੰਦਰ ਸਾਂਬਰ ਅਤੇ ਪੰਜਾਬ ਦੇ ਮੀਤ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਦੇ ਆਗੂ ਕਿਸਾਨਾਂ ਦੇ ਜਜ਼ਬਾਤਾਂ ਨੂੰ ਭੜਕਾਉਣ ਵਾਲੇ ਬਿਆਨ ਦੇਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੋਸ਼ਿਸ਼ ਹੈ ਕਿ ਭੜਕਾਊ ਬਿਆਨਬਾਜ਼ੀ ਕਰਕੇ ਕਿਸਾਨ ਸੰਘਰਸ਼ ਨੂੰ ਕੁਰਾਹੇ ਪਾਇਆ ਜਾਵੇ, ਜੋ ਕਿ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਫਿਰਕੂ ਤੇ ਪਾੜਾ ਪਾਊ ਨੀਤੀ ਤਿਆਗ ਕੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਇੱਕ ਦੂਜੇ ਖ਼ਿਲਾਫ਼ ਜ਼ਹਿਰ ਉਗਲਣ ਦੀ ਥਾਂ ਆਪਣੇ ਸਿਆਸੀ ਰਾਜਨੀਤਕ ਹਿੱਤਾਂ ਤੋਂ ਉਪਰ ਉੱਠ ਕੇ ਕਿਸਾਨਾਂ ਦਾ ਇੱਕਮੁੱਠ ਹੋ ਕੇ ਸਾਥ ਦੇਣ।
ਕਿਸਾਨ ਸੰਘਰਸ਼ ਸੰਯੁਕਤ ਮੋਰਚੇ ਵੱਲੋਂ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਤੇ ਕਿਸਾਨੀ ਨੂੰ ਉਜਾੜਨ ਵਾਲੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ 18 ਜਨਵਰੀ ਨੂੰ ‘ਮਹਿਲਾ ਦਿਵਸ’ ਮਨਾਇਆ ਜਾ ਰਿਹਾ ਹੈ। ਮਹਾਨ ਕ੍ਰਾਂਤੀਕਾਰੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ’ਤੇ 23 ਜਨਵਰੀ ਨੂੰ ਕਿਸਾਨ ਸੰਘਰਸ਼ ਨੂੰ ਕਾਮਯਾਬ ਕਰਨ ਲਈ ‘ਪ੍ਰਤਿੱਗਿਆ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ ਤੇ 26 ਜਨਵਰੀ ਗਣਤੰਤਰ ਦਿਵਸ ’ਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਖੇਤੀ ਕਾਨੂੰਨ ਵਾਪਸ ਕਰਾਉਣ ਦਿੱਲੀ ਵੱਲ ਚਾਲੇ ਪਾਉਣ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਸੀਪੀਆਈ ਅਤੇ ਸਮੁੱਚੀਆਂ ਖੱਬੀਆਂ ਪਾਰਟੀਆਂ ਇਨ੍ਹਾਂ ਪ੍ਰੋਗਰਾਮਾਂ ਦਾ ਪੂਰਨ ਸਮਰਥਨ ਕਰਦੀਆਂ ਹਨ।