ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੱਖ-ਵੱਖ ਸੂਬਿਆਂ ਵਿੱਚ ਹੋਈਆਂ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ’ਚ ਭਾਜਪਾ ਅਤੇ ਉਸ ਦੇ ਸਿਆਸੀ ਭਾਈਵਾਲਾਂ ਨੂੰ ਮਿਲੀ ਕਰਾਰੀ ਹਾਰ ਨੂੰ ਭਵਿੱਖ ਦੀਆਂ ਆਮ ਚੋਣਾਂ ਦੀ ਝਲਕ ਕਰਾਰ ਦਿੱਤਾ ਹੈ। ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਉੱਤਰ ਤੋਂ ਦੱਖਣ ਭਾਰਤ ਤੱਕ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਬਕ ਸਿੱਖਣ ਦੀ ਨਸੀਹਤ ਦਿੱਤੀ ਹੈ। ਸੰਧਵਾਂ ਨੇ ਕਿਹਾ ਕਿ ਮੋਦੀ ਸਮੇਤ ਸਮੁੱਚੀ ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕਤੰਤਰ ’ਚ ਲੋਕ ਵੱਡੇ ਹੁੰਦੇ ਹਨ।